
ਪਾਕਿਸਤਾਨ-ਅਧਾਰਤ ਸੰਚਾਲਕ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਰਾਣਾ ਕਿੰਗ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਕਿਸੇ ਵੱਲੋਂ ਸਰਹੱਦੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਖੇਪ ਹਾਸਲ ਕਰਨ ਬਾਰੇ ਠੋਸ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਮੰਨੂ ਹਸਪਤਾਲ ਨੇੜੇ ਛੇਹਰਟਾ-ਸੰਨ ਸਾਹਿਬ ਰੋਡ ਅੰਮ੍ਰਿਤਸਰ ਵਿਖੇ ਉਸ ਵੇਲੇ ਘੇਰਾ ਪਾ ਲਿਆ, ਜਦੋਂ ਉਹ ਛੇਹਰਟਾ ਖੇਤਰ ਵਿੱਚ ਦੂਜੀ ਧਿਰ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਪੂਰੇ ਮਾਡਿਊਲ ਨੂੰ ਬੇਨਕਾਬ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 53 ਮਿਤੀ 28-09-2025 ਦਰਜ ਕੀਤੀ ਗਈ ਹੈ।