
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਪਣੇ ਅਸਤੀਫ਼ੇ ਦੀ ਪੇਸ਼ਕਸ਼ ਦੇ ਕੇ ਖ਼ੁਦ ਕਸੂਤੇ ਫਸ ਗਏ ਹਨ। ਉਨ੍ਹਾਂ ਦੀ ਸਾਜਿਸ਼ ਉਨ੍ਹਾਂ ਤੇ ਹੀ ਮਹਿੰਗੀ ਪੈਂਦੀ ਦਿਖਾਈ...
ਚੰਡੀਗੜ੍ਹ (ਪੀਟੀਆਈ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਪਣੇ ਅਸਤੀਫ਼ੇ ਦੀ ਪੇਸ਼ਕਸ਼ ਦੇ ਕੇ ਖ਼ੁਦ ਕਸੂਤੇ ਫਸ ਗਏ ਹਨ। ਉਨ੍ਹਾਂ ਦੀ ਸਾਜਿਸ਼ ਉਨ੍ਹਾਂ ਤੇ ਹੀ ਮਹਿੰਗੀ ਪੈਂਦੀ ਦਿਖਾਈ ਦੇ ਰਹੀ ਹੈ। ਅੱਜ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਉਨ੍ਹਾਂ ਨੂੰ ਪ੍ਰਧਾਨਗੀ ਛੱਡਣ ਲਈ ਕਹਿਣਗੇ ਤਾਂ ਉਹ ਇਹ ਅਹੁਦਾ ਛੱਡਣ ਲਈ ਤਿਆਰ ਹਨ।
ਸੁਖਬੀਰ ਬਾਦਲ ਦੇ ਇਸ ਬਿਆਨ ਤੋਂ ਬਾਅਦ ਟਕਸਾਲੀ ਲੀਡਰਾਂ ਨੇ ਉਨ੍ਹਾਂ ਦੇ ਇਸ ਬਿਆਨ ਨੂੰ ਖ਼ੁਸ਼ੀ-ਖ਼ੁਸ਼ੀ ਸਵੀਕਾਰ ਕਰਦੇ ਹੋਏ ਉਨ੍ਹਾਂ ਦੇ ਅਸਤੀਫ਼ਾ ਦੇਣ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਸੁਖਬੀਰ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ‘ਚ ਸਭ ਕੁਝ ਠੀਕ ਹੋ ਜਾਵੇਗਾ। ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਅਲੱਗ ਕਰਨ ਦੀ ਗੱਲ ਅੰਦਰੋ ਅੰਦਰ ਚੱਲ ਰਹੀ ਸੀ ਪਰ ਉਨ੍ਹਾਂ ਦੇ ਅਪਣੇ ਇਸ ਬਿਆਨ ਨੇ ਇਸ ਨੂੰ ਖੁੱਲ੍ਹੀ ਹਵਾ ਦੇ ਦਿਤੀ ਹੈ। ਜਾਣਕਾਰੀ ਦੇ ਮੁਤਾਬਕ ਕੱਲ੍ਹ ਕੋਰ ਕਮੇਟੀ ਦੀ ਮੀਟਿੰਗ ਵਿਚ ਇਸ ਮੁੱਦੇ ‘ਤੇ ਚਰਚਾ ਹੋ ਸਕਦੀ ਹੈ।
ਅਕਾਲੀ ਦਲ ਦੇ ਲੀਡਰਾਂ ਦਾ ਇਹ ਵੀ ਮੰਨਣਾ ਹੈ ਕਿ ਸੁਖਬੀਰ ਬਾਦਲ ਪ੍ਰਧਾਨਗੀ ਤੋਂ ਕਦੇ ਵੀ ਅਸਤੀਫ਼ਾ ਨਹੀਂ ਦੇਣਗੇ। ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਚੁਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਟਕਸਾਲੀ ਆਗੂ ਸੇਵਾ ਸਿੰਘ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਅਕਾਲੀ ਦਲ ਦੀ ਪ੍ਰਧਾਨਗੀ ਲਈ ਖਾਲਸਾ ਪੰਥ ਦੇ ਸਿਧਾਂਤਾਂ ‘ਤੇ ਪੂਰੇ ਨਹੀਂ ਉਤਰਦੇ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਇਕ ਅਜਿਹਾ ਵਿਅਕਤੀ ਹੋਣਾ ਚਾਹੀਦਾ ਹੈ ਜੋ ਗੁਰੂ ਮਰਿਆਦਾ ਮੁਤਾਬਕ ਚੱਲੇ
ਅਤੇ ਜਿਸ ਦਾ ਜੀਵਨ ਵੀ ਗੁਰਸਿੱਖ ਵਾਲਾ ਹੋਵੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕੁਝ ਕੁ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ। ਪਾਰਟੀ ਅੰਦਰ ਰਵੱਈਆ ਬਹੁਤ ਤਾਨਾਸ਼ਾਹੀ ਵਾਲਾ ਬਣ ਗਿਆ ਹੈ। ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ। ਰਣਜੀਤ ਸਿੰਘ ਬ੍ਰਹਮਪੁਰਾ ਨੇ ਇਸ ਤੋਂ ਪਹਿਲਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਪ੍ਰਧਾਨਗੀ ਦਾ ਅਹੁਦਾ ਛੱਡ ਦੇਣ ਤਾਂ ਅਕਾਲੀ ਦਲ ਦੀ ਹਾਲਤ ਵਿਚ ਸੁਧਾਰ ਆ ਸਕਦਾ ਹੈ
ਅਤੇ ਉਹ ਫਿਰ ਤੋਂ ਅਕਾਲੀ ਦਲ ਲਈ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਇਹ ਦਾਅਵਾ ਕੀਤਾ ਹੈ ਕਿ ਸੁਖਬੀਰ ਬਾਦਲ ਪ੍ਰਧਾਨਗੀ ਨਹੀਂ ਛੱਡਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਧਾਨਗੀ ਛੱਡਣੀ ਹੁੰਦੀ ਤਾਂ ਵਿਧਾਨ ਸਭਾ ਵਿਚ ਅਕਾਲੀ ਦਲ ਦੀ ਵੱਡੀ ਹਾਰ ਮਗਰੋਂ ਵੀ ਉਨ੍ਹਾਂ ਤੋਂ ਅਸਤੀਫ਼ਾ ਮੰਗਿਆ ਗਿਆ ਸੀ ਪਰ ਉਨ੍ਹਾਂ ਨੇ ਉਦੋਂ ਅਪਣਾ ਪ੍ਰਧਾਨਗੀ ਅਹੁਦਾ ਨਹੀਂ ਛੱਡਿਆ ਸੀ ਤਾਂ ਹੁਣ ਕੀ ਛੱਡਣਗੇ।