
ਪੱਕੇ ਮੋਰਚੇ 'ਤੇ ਪਹੁੰਚਣ ਦੇ ਸੱਦੇ ਦੇ ਮੱਦੇਨਜ਼ਰ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਕੱਲ੍ਹ ਨੂੰ ਇਸ ਨੂੰ ਜਿੱਤ ਵਜੋਂ ਮਨਾ ਕੇ ਖ਼ਤਮ ਕਰ ਦਿੱਤਾ ਜਾਵੇਗਾ।
ਸੰਗਰੂਰ: ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਲੱਗਾ ਪੱਕਾ ਧਰਨਾ ਹੁਣ ਖ਼ਤਮ ਹੋ ਜਾਵੇਗਾ। ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਦਰਅਸਲ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ, ਜਿਸ ਵਿਚ ਮੋਰਚਾ ਚੁੱਕਣ ਦੀ ਸਹਿਮਤੀ ਬਣ ਗਈ ਹੈ। ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨਾਲ ਮੀਟਿੰਗ ਕੀਤੀ।
ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਦੀ ਕਿਸਾਨਾਂ ਨਾਲ ਸਹਿਮਤੀ ਬਣ ਗਈ ਹੈ। ਕੱਲ੍ਹ ਇਸ ਧਰਨੇ ਦੀ ਸਮਾਪਤੀ ਕਰ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਰੱਖੀਆਂ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰ ਨੇ ਲਿਖਤੀ ਰੂਪ ’ਚ ਉਨ੍ਹਾਂ ਨੂੰ ਸਮੇਂ ਦਾ ਵੇਰਵਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਕਿਸਾਨਾਂ ਵੱਲੋਂ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਦੀ ਮੰਗ ਦਾ ਵੀ 3 ਮਹੀਨਿਆਂ 'ਚ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੱਲ੍ਹ ਨੂੰ ਪੰਜਾਬ ਭਰ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ 'ਤੇ ਪਹੁੰਚਣ ਦੇ ਸੱਦੇ ਦੇ ਮੱਦੇਨਜ਼ਰ ਧਰਨਾ ਜਾਰੀ ਰੱਖਿਆ ਜਾਵੇਗਾ ਅਤੇ ਕੱਲ੍ਹ ਨੂੰ ਇਸ ਨੂੰ ਜਿੱਤ ਵਜੋਂ ਮਨਾ ਕੇ ਖ਼ਤਮ ਕਰ ਦਿੱਤਾ ਜਾਵੇਗਾ।