CM ਮਾਨ ਵੱਲੋਂ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ
Published : Oct 28, 2022, 8:44 am IST
Updated : Oct 28, 2022, 8:44 am IST
SHARE ARTICLE
CM Bhagwan Mann
CM Bhagwan Mann

ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਪੰਜਾਬ ਨੂੰ ਕੈਟਾਗਰੀ-ਏ ਵਿਚ ਸ਼ਾਮਲ ਕਰਨ ਲਈ ਆਖਿਆ

BSF ਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

ਪਠਾਨਕੋਟ ਵਿਖੇ ਐਨ.ਐਸ.ਜੀ. ਦਾ ਕੇਂਦਰ ਸਥਾਪਤ ਕਰਨ ਦੀ ਵਕਾਲਤ

ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਬਕਾਇਆ ਫੰਡ ਜਾਰੀ ਕਰਨ ਦੀ ਅਪੀਲ

ਪੁਲਿਸ ਫੋਰਸ ਦੇ ਆਧੁਨਿਕੀਕਰਨ ਦੇ ਫੰਡਾਂ ਬਾਰੇ ਸੂਬੇ ਨੂੰ ਛੋਟ ਦੇਣ ਦੀ ਮੰਗ

ਮੁੱਖ ਮੰਤਰੀ ਨੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਕੀਤੀ ਸ਼ਿਰਕਤ
ਫਤਿਹਾਬਾਦ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ। 
ਅੱਜ ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਵਿਚਕਾਰ ਦੂਰੀ ਨੂੰ ਘਟਾਉਣ ਦੀ ਅਪੀਲ ਕੀਤੀ ਤਾਂ ਜੋ ਤਾਰ ਦੇ ਪਾਰ ਆਪਣੀ ਜ਼ਮੀਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇਕ ਕਿਲੋਮੀਟਰ ਦੀ ਬਜਾਏ 150-200 ਮੀਟਰ ਤੱਕ ਘਟਾ ਦਿੱਤੀ ਜਾਵੇ ਤਾਂ ਜੋ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਜ਼ਮੀਨ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।

ਇੱਕ ਹੋਰ ਮੁੱਦੇ ਨੂੰ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਪਠਾਨਕੋਟ ਵਿਖੇ ਕੌਮੀ ਸੁਰੱਖਿਆ ਗਾਰਡਜ਼ (ਐਨ.ਐਸ.ਜੀ.) ਦਾ ਖੇਤਰੀ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਨਾਨਗਰ 'ਤੇ ਹਮਲੇ ਦੌਰਾਨ ਗੁੜਗਾਓਂ ਤੋਂ ਐਨ.ਐਸ.ਜੀ. ਨੂੰ ਰਵਾਨਾ ਕੀਤਾ ਗਿਆ ਸੀ ਜਿਸ ਵਿਚ ਕਾਫੀ ਸਮਾਂ ਲੱਗਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਠਾਨਕੋਟ ਵਿਖੇ ਐਨ.ਐਸ.ਜੀ. ਕੇਂਦਰ ਦੀ ਸਥਾਪਨਾ ਨਾਲ ਪੂਰੇ ਉੱਤਰੀ ਖੇਤਰ ਵਿੱਚ ਅੱਤਵਾਦ ਦੀਆਂ ਗਤੀਵਿਧੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ ਨਾਲ 553 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਇਸ ਨੂੰ ਸੰਵੇਦਨਸ਼ੀਲ ਸੂਬਾ ਦੱਸਦੇ ਹੋਏ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸੂਬੇ ਨੂੰ ਮੌਜੂਦਾ ਕੈਟਾਗਰੀ-ਬੀ ਦੀ ਬਜਾਏ ਕੈਟਾਗਰੀ-ਏ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ। ਅੱਜ ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਸਰਹੱਦੀ ਸੂਬਾ ਹੋਣ ਦੇ ਨਾਤੇ ਸੁਰੱਖਿਆ ਕਾਰਨਾਂ ਕਰਕੇ ਏ ਸ਼੍ਰੇਣੀ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ-ਪੂਰਬੀ ਰਾਜਾਂ ਦੇ ਬਰਾਬਰ ਸਮਝਿਆ ਜਾਣਾ ਚਾਹੀਦਾ ਹੈ ਕਿਉਂਕਿ ਸਰਹੱਦ ਪਾਰ ਤੋਂ ਡਰੋਨਾਂ ਦੀ ਘੁਸਪੈਠ ਨਾਲ ਅੱਤਵਾਦ ਦਾ ਖ਼ਤਰਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੈਟਾਗਰੀ-ਏ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਕੇਂਦਰ ਅਤੇ ਸੂਬਿਆਂ ਦਰਮਿਆਨ 90:10 ਦੀ ਭਾਈਵਾਲੀ ਦੇ ਅਨੁਪਾਤ ਮੁਤਾਬਕ ਵਿੱਤੀ ਸਹਾਇਤਾ ਮਿਲਣੀ ਚਾਹੀਦੀ ਹੈ ਜਦੋਂ ਕਿ ਕੈਟਾਗਰੀ-ਬੀ ਦੇ ਤਹਿਤ ਸੂਬਿਆਂ ਲਈ 60:40 ਦੀ ਭਾਈਵਾਲੀ ਦੇ ਅਨੁਪਾਤ 'ਤੇ ਵਿੱਤੀ ਸਹਾਇਤਾ ਦੀ ਵਿਵਸਥਾ ਹੈ।

ਮੁੱਖ ਮੰਤਰੀ ਨੇ ਬਾਰਡਰ ਏਰੀਆ ਡਿਵੈਲਪਮੈਂਟ ਪ੍ਰੋਗਰਾਮ (ਬੀ.ਏ.ਡੀ.ਪੀ.) ਸਕੀਮ ਤਹਿਤ ਬਕਾਇਆ ਫੰਡ ਜਾਰੀ ਕਰਨ ਦੀ ਵੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਨੇ ਦੁੱਖ ਪ੍ਰਗਟਾਇਆ ਕਿ ਇਹ ਫੰਡ ਪਿਛਲੇ ਦੋ ਵਿੱਤੀ ਸਾਲਾਂ (2020-21 ਅਤੇ 2021-22) ਤੋਂ ਵੰਡੇ ਨਹੀਂ ਗਏ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਸੂਬੇ ਵਿੱਚ ਕੋਈ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ਹੋਇਆ ਹੈ ਅਤੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਵੀ ਔਕੜਾਂ ਪੇਸ਼ ਆ ਰਹੀਆਂ ਹਨ।

ਇਕ ਹੋਰ ਮੁੱਦੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਫੋਰਸ ਦੇ ਆਧੁਨਿਕੀਕਰਨ (ਐਮ.ਓ.ਪੀ.ਐਫ.) ਫੰਡਾਂ ਦੇ ਸਬੰਧ ਵਿੱਚ ਸੂਬੇ ਨੂੰ ਛੋਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਸਕੀਮ ਤਹਿਤ ਕੈਟਾਗਰੀ-ਬੀ ਸੂਬਿਆਂ ਲਈ (2014-15 ਤੋਂ) ਉਸਾਰੀ ਕਾਰਜਾਂ ਅਤੇ ਵਾਹਨ ਦੇ ਸੰਚਾਲਨ ਲਈ ਫੰਡਾਂ ਦੀ ਗਰਾਂਟ ਬੰਦ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਐਮ.ਓ.ਪੀ.ਐਫ. ਫੰਡ ਖਰਚ ਕਰਨ ਦੀ ਛੋਟ ਅਤੇ ਉਸਾਰੀ ਅਤੇ ਵਾਹਨ ਲਈ ਖਰਚਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਲ 2022-23 ਲਈ ਪ੍ਰਵਾਨ ਕੀਤੀ 24 ਕਰੋੜ ਰੁਪਏ ਦੀ ਸੂਬਾਈ ਕਾਰਜ ਯੋਜਨਾ ਨੂੰ ਪ੍ਰਵਾਨਗੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਦੇ ਸੰਵੇਦਨਸ਼ੀਲ ਹਾਲਾਤ ਦੇ ਮੱਦੇਨਜ਼ਰ ਸੂਬੇ ਨੂੰ 50 ਕਰੋੜ ਰੁਪਏ ਦੇ ਵਾਧੂ ਫੰਡ ਦਿੱਤੇ ਜਾਣ ਤਾਂ ਕਿ ਸਰਹੱਦੀ ਪੁਲਿਸ ਥਾਣਿਆਂ, ਸੁਰੱਖਿਆ ਦੀ ਦੂਜੀ ਲਾਈਨ ਅਤੇ ਖੁਫੀਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸੁਰੱਖਿਆ ਦੇ ਲਿਹਾਜ਼ ਤੋਂ ਬਹੁਤ ਸਾਰੀਆਂ ਉਭਰਦੀਆਂ ਚੁਣੌਤੀਆਂ ਹਨ ਅਤੇ ਪੰਜਾਬ ਸਰਕਾਰ ਬੀ.ਐਸ.ਐਫ. ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਇਨ੍ਹਾਂ ਨੂੰ ਹੱਲ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਤੋਂ ਪੰਜਾਬ ਸਰਕਾਰ ਨੇ ਨਸ਼ਿਆਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵਿਰੁੱਧ ਕਈ ਫੈਸਲਾਕੁੰਨ ਕਦਮ ਚੁੱਕੇ ਗਏ ਹਨ ਅਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ 8,711 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲਿਆਂ ਵਿੱਚ 11,985 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅੰਤਰ-ਰਾਜੀ ਪੁਲਿਸ ਸਹਿਯੋਗ ਦੀ ਸ਼ਾਨਦਾਰ ਮਿਸਾਲ ਹੈ
ਪੁਲਿਸ ਨੇ ਗੁਜਰਾਤ ਦੀ ਏ.ਟੀ.ਐਸ. ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਮੁੰਦਰਾ ਬੰਦਰਗਾਹ ਵਿਖੇ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਜੁਲਾਈ, 2022 ਵਿਚ ਨਾਹਵਾ ਸ਼ੇਵਾ ਪੋਰਟ, ਮੁੰਬਈ ਵਿਖੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਕੇ 72.5 ਕਿਲੋ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦਾ ਗਠਨ ਕੀਤਾ ਹੈ, ਜਿਸ ਨੇ ਗੈਂਗਸਟਰ ਵਿਰੋਧੀ ਕਾਰਵਾਈਆਂ ਨੂੰ ਅੰਜ਼ਾਮ ਦਿੱਤਾ ਅਤੇ 384 ਗੈਂਗਸਟਰਾਂ/ਸੰਗਠਿਤ ਅਪਰਾਧੀਆਂ ਸਮੇਤ 90 ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਮਾਤਰਾ ਵਿਚ ਹਥਿਆਰਾਂ/ਗੋਲਾ ਬਾਰੂਦ ਵੀ ਬਰਾਮਦ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਬੀ.ਐਸ.ਐਫ ਨਾਲ ਤਾਲਮੇਲ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ 300 ਤੋਂ ਵੱਧ ਜਵਾਨਾਂ ਦੀ ਵਾਧੂ ਤਾਇਨਾਤੀ ਕਰਕੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕੀਤਾ ਹੈ, ਜਿਸ ਕਾਰਨ ਡਰੋਨਾਂ ਦੀਆਂ ਘਟਨਾਵਾਂ ਵਿੱਚ ਜ਼ਿਕਰਯੋਗ ਕਮੀ ਆਈ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਉੱਚ ਸੁਰੱਖਿਆ ਵਾਲੀ ਜੇਲ੍ਹ ਅਤੇ ਫੌਰੈਂਸਿਕ ਸਾਇੰਸ ਲੈਬਾਰਟਰੀ ਸਥਾਪਤ ਕਰਨ ਦਾ ਐਲਾਨ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੋਵਾਂ ਪ੍ਰਾਜੈਕਟਾਂ ਲਈ ਮੁਹੱਈਆ ਕਰਵਾਈ ਜਾਣ ਵਾਲੀ ਜ਼ਮੀਨ ਦੀ ਸ਼ਨਾਖਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦੀ ਖੜਗਭੁਜਾ ਹੈ ਜਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement