
Navjot Sidhu: ਨੋਟਿਸ 'ਚ ਸਿੱਧੂ ਨੂੰ ਪਤਨੀ ਨਵਜੋਤ ਕੌਰ ਦੇ ਕੈਂਸਰ ਦੇ ਇਲਾਜ ਦੇ ਦਸਤਾਵੇਜ਼ 7 ਦਿਨਾਂ 'ਚ ਪੇਸ਼ ਕਰਨ ਲਈ ਕਿਹਾ ਗਿਆ
Navjot Sidhu: ਛੱਤੀਸਗੜ੍ਹ ਸਿਵਲ ਸੁਸਾਇਟੀ ਨੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਨੋਟਿਸ 'ਚ ਸਿੱਧੂ ਨੂੰ ਪਤਨੀ ਨਵਜੋਤ ਕੌਰ ਦੇ ਕੈਂਸਰ ਦੇ ਇਲਾਜ ਦੇ ਦਸਤਾਵੇਜ਼ 7 ਦਿਨਾਂ 'ਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਅਜਿਹਾ ਨਾ ਹੋਣ 'ਤੇ 850 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਹਾਲ ਹੀ 'ਚ ਨਵਜੋਤ ਸਿੰਘ ਸਿੱਧੂ ਨੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਚੌਥੀ ਸਟੇਜ ਦੇ ਕੈਂਸਰ ਤੋਂ ਪੂਰੀ ਤਰ੍ਹਾਂ ਠੀਕ ਹੋਣ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਸੀ, ਜਿਸ 'ਚ ਨਵਜੋਤ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਤਨੀ ਬਿਨਾਂ ਕਿਸੇ ਡਾਕਟਰੀ ਇਲਾਜ ਜਾਂ ਦਵਾਈ ਦੇ ਸਿਰਫ਼ 40 ਦਿਨਾਂ 'ਚ ਕੈਂਸਰ ਤੋਂ ਪੂਰੀ ਤਰ੍ਹਾਂ ਠੀਕ ਹੋ ਗਈ ਹੈ। ਉਨ੍ਹਾਂ ਦੇ ਇਸ ਦਾਅਵੇ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਦੇ ਡਾਕਟਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਸਿੱਧੂ ਨੇ ਦਾਅਵਾ ਕੀਤਾ ਸੀ ਕਿ ਖੁਰਾਕ ਨੇ ਉਨ੍ਹਾਂ ਦੀ ਪਤਨੀ ਨੂੰ ਸਟੇਜ 4 ਦੇ ਕੈਂਸਰ 'ਤੇ ਕਾਬੂ ਪਾਉਣ ਵਿੱਚ ਮਦਦ ਕੀਤੀ ਸੀ, ਜਿਸ ਤੋਂ ਬਾਅਦ ਕੈਂਸਰ ਮਾਹਿਰਾਂ ਅਤੇ ਡਾਕਟਰਾਂ ਦੁਆਰਾ ਉਨ੍ਹਾਂ ਦੀ ਤਿੱਖੀ ਆਲੋਚਨਾ ਕੀਤੀ ਗਈ ਸੀ। ਇਸ ਤੋਂ ਬਾਅਦ ਸਿੱਧੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਤਨੀ ਦੀ ਸਰਜਰੀ, ਕੀਮੋਥੈਰੇਪੀ, ਹਾਰਮੋਨਲ ਥੈਰੇਪੀ ਅਤੇ ਟਾਰਗੇਟ ਥੈਰੇਪੀ ਕਰਵਾਈ ਗਈ ਹੈ।
ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਇਕ ਵੀਡੀਓ 'ਚ ਸਿੱਧੂ ਨੇ ਕਿਹਾ ਕਿ ਉਹ ਡਾਕਟਰਾਂ ਦੀ ਬਹੁਤ ਇੱਜ਼ਤ ਕਰਦੇ ਹਨ ਅਤੇ ਉਨ੍ਹਾਂ ਦੀ ਪਤਨੀ ਡਾਕਟਰਾਂ ਦੀ ਸਲਾਹ ਲੈ ਕੇ ਹੀ ਆਪਣੀ ਡਾਈਟ ਦਾ ਪਾਲਣ ਕਰਦੀ ਹੈ।
ਨਵਜੋਤ ਕੌਰ ਸਿੱਧੂ, ਜੋ ਕਿ ਖੁਦ ਇੱਕ ਡਾਕਟਰ ਹੈ, ਨੇ ਕਦੇ ਵੀ ਡਾਕਟਰੀ ਸਲਾਹ ਤੋਂ ਬਿਨਾਂ ਕੋਈ ਕਦਮ ਨਾ ਚੁੱਕਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਡਾਈਟ ਚਾਰਟ ਸਹਾਇਕ ਦੇ ਰੂਪ ਵਿੱਚ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਆਯੁਰਵੇਦ ਅਤੇ ਜਾਪਾਨੀ ਅਭਿਆਸਾਂ ਦੇ ਸਿਧਾਂਤਾਂ ਨੂੰ ਸ਼ਾਮਲ ਕਰਦੇ ਹੋਏ ਤਿਆਰ ਕੀਤਾ ਗਿਆ ਹੈ ਜੋ ਵਰਤ ਦੀ ਸ਼ਕਤੀ 'ਤੇ ਜ਼ੋਰ ਦਿੰਦੇ ਹਨ।