
ਪੁਲਿਸ ਨੇ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਕੀਤੇ ਬਰਾਮਦ
ਮੁਹਾਲੀ : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਵਿਖੇ ਦੋ ਸਮੱਗਲਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਥੰਮਣ ਅਤੇ ਸਵਰਨ ਸਿੰਘ ਵਾਸੀ ਪਿੰਡ ਸ਼ਾਹੂਰਕਲਾਂ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਦੋਸ਼ੀ ਪਾਕਿ ਸਥਿਤ ਆਪਰੇਟਿਵ ਦੇ ਸੰਪਰਕ ਵਿੱਚ ਸਨ। ਸਰਹੱਦ 'ਤੇ ਤਾਰਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤ ਪਹੁੰਚਾਏ ਜਾਂਦੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਪਹਿਲਾਂ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਕੋਈ ਖੇਪ ਲੈ ਕੇ ਆਏ ਹਨ ਜਾਂ ਨਹੀਂ।