
ਪੁਲਿਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲਿਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ
Punjab News: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲਿਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ਵਿੱਚ ਪੁਲਿਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ।
ਸ. ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲਿਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲਿਸ ਪ੍ਰਬੰਧ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਸ ਮੌਕੇ ਪੰਜਾਬ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ‘ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
(For more Punjabi news apart from Speaker Sandhwan reviews law and order situation in Faridkot, stay tuned to Rozana Spokesman)