
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਤਹਿਤ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਤਹਿਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੇ ਫ਼ੰਡ ਜਾਰੀ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਸਤਾਵ 'ਤੇ ਮੋਹਰ ਲਾ ਦਿਤੀ ਹੈ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਵਲੋਂ 50-50 ਫ਼ੀ ਸਦੀ ਦੇ ਹਿਸਾਬ ਨਾਲ ਦੋ ਕਿਸ਼ਤਾਂ ਵਿਚ ਫ਼ੰਡ ਮੁਹਈਆ ਕਰਵਾਏ ਜਾਣਗੇ।
ਸ਼ਹਿਰੀ ਸਥਾਨਕ ਇਕਾਈਆਂ ਵਲੋਂ ਕਰਵਾਏ ਜਾਣ ਵਾਲੇ ਕੰਮ ਸਥਾਨਕ ਸਰਕਾਰ ਵਿਭਾਗ ਵਲੋਂ ਤਿਆਰ ਕੀਤੇ ਸਟੈਂਡਰਡ ਆਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਅਨੁਸਾਰ ਹੋਣਗੇ ਅਤੇ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ, ਪੰਜਾਬ ਮਿਊਂਸਪਲ ਕਮੇਟੀ ਐਕਟ ਅਤੇ ਪੰਜਾਬ ਨਗਰ ਸੁਧਾਰ ਐਕਟ ਅਧੀਨ ਕੀਤੇ ਗਏ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।
ਫ਼ੰਡਾਂ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫ਼ੀਕੇਟ (ਯੂ.ਸੀ.) ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਸਤਾਖ਼ਰਾਂ ਸਮੇਤ ਪੀ.ਆਈ.ਡੀ.ਬੀ. ਨੂੰ ਭੇਜੇ ਜਾਣਗੇ। ਬੁਲਾਰੇ ਨੇ ਅੱਗੇ ਦਸਿਆ ਕਿ ਅੰਤਮ ਦਿਸ਼ਾ-ਨਿਰਦੇਸ਼ ਪੀ.ਆਈ.ਡੀ.ਬੀ. ਵਲੋਂ ਡਿਪਟੀ ਕਮਿਸ਼ਨਰਾਂ ਨੂੰ ਫ਼ੰਡ ਜਾਰੀ ਕਰਨ ਸਮੇਂ ਸਿੱਧੇ ਤੌਰ 'ਤੇ ਜਾਰੀ ਕੀਤੇ ਜਾਣਗੇ।