
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੈਤੋ ਤੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਰਹੇ ਅਵਤਾਰ ਸਿੰਘ ਸਹੋਤਾ ਨੇ ਅੱਜ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਦਾ ਪੱਲਾ ਫੜ...
ਚੰਡੀਗੜ੍ਹ : 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੈਤੋ ਤੋਂ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰ ਰਹੇ ਅਵਤਾਰ ਸਿੰਘ ਸਹੋਤਾ ਨੇ ਅੱਜ ਰਸਮੀ ਤੌਰ ਤੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਚੰਡੀਗੜ੍ਹ ਵਿਖੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁਧਰਾਮ, ਵਿਧਾਇਕ ਅਤੇ ਵਿਰੋਧੀ ਧਿਰ ਦੇ ਉੱਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਵਿਧਾਇਕ ਰੁਪਿੰਦਰ ਰੂਬੀ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਹੋਤਾ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਹੋਤਾ ਦੇ ਆਉਣ ਨਾਲ ਜੈਤੋ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਬਲ ਮਿਲੇਗਾ ਅਤੇ ਪਾਰਟੀ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਦਾ ਲਾਭ ਉਠਾਵੇਗੀ। ਇਸ ਮੌਕੇ ਬੋਲਦਿਆਂ ਸਹੋਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਲੋਕਾਂ ਦੀ ਅਸਲ ਅਰਥਾਂ ਵਿੱਚ ਤਰਜਮਾਨੀ ਕਰ ਸਕਦੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਮੁੱਦੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਜ਼ੋਰ ਸ਼ੋਰ ਨਾਲ ਉਠਾ ਰਹੀ ਹੈ ਜਿਸ ਕਰਕੇ ਉਹ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਸਹੋਤਾ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਵਿਸ਼ਵ ਪੱਧਰ ਤੇ ਪਾਕ ਪੈ ਰਹੀ ਹੈ ਅਤੇ ਦਿੱਲੀ ਵਿਚ ਵਿਸ਼ਵ ਪੱਧਰੀ ਤਕਨੀਕਾਂ ਲਿਆ ਕੇ ਸਿੱਖਿਆ ਅਤੇ ਸਿਹਤ ਦੇ ਮਿਆਰ ਨੂੰ ਉੱਪਰ ਚੁੱਕਿਆ ਜਾ ਰਿਹਾ ਹੈ।