ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ, ਮੰਗਿਆ ਜਾਵੇਗਾ, ਉਹ ਕੀਤਾ ਜਾਵੇਗਾ: ਐਡਵੋਕੇਟ ਧਾਮੀ
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਧਿਕਾਰਤ ਰੂਪ ਵਿੱਚ ਇਸ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਮੰਗੀ ਗਈ ਜਾਣਕਾਰੀ ਮੁਹੱਈਆ ਕਰਵਾ ਦਿੱਤੀ ਹੈ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਸਿੱਖ ਸੰਸਥਾ ਦੇ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਦਿੱਤੀ ਗਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਪੁਲਿਸ ਦੀ ਜਾਂਚ ਟੀਮ ਵੱਲੋਂ ਜੋ ਵੀ ਜਾਣਕਾਰੀ ਲਿਖਤੀ ਰੂਪ ਵਿੱਚ ਮੰਗੀ ਗਈ ਹੈ, ਉਹ ਉਨ੍ਹਾਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਸਬੰਧਤ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਵੀ ਹਦਾਇਤ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ। ਇਸ ਲਈ ਸਮੂਹ ਧਿਰਾਂ ਨੂੰ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿੱਚ ਮੰਗਿਆ ਜਾਵੇਗਾ, ਉਹ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਨ ਅਤੇ ਅਧਿਕਾਰੀ ਮੌਜੂਦ ਸਨ।
