
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੇ ਕਿਹਾ ਕਿ ਸੂਬੇ ਵਿਚ ਆਨੰਦ ਮੈਰਿਜ ਐਕਟ ਦੇ ਤਹਿਤ ਸਿੱਖਾਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਛੇਤੀ ਸ਼ੁਰੂ ਕੀਤੀ ਜਾਵੇਗੀ।
ਨਵੀਂ ਦਿੱਲੀ, 5 ਅਗੱਸਤ (ਸੁਖਰਾਜ ਸਿੰਘ): ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨੇ ਕਿਹਾ ਕਿ ਸੂਬੇ ਵਿਚ ਆਨੰਦ ਮੈਰਿਜ ਐਕਟ ਦੇ ਤਹਿਤ ਸਿੱਖਾਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਛੇਤੀ ਸ਼ੁਰੂ ਕੀਤੀ ਜਾਵੇਗੀ। ਇਹ ਭਰੋਸਾ ਉਨ੍ਹਾਂ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਨੂੰ ਦਵਾਇਆ ਹੈ।
ਸ. ਸਿਰਸਾ ਨੇ ਮੁੱਖ ਮੰਤਰੀ ਯੋਗੀ ਆਦਿਤਯਾਨਾਥ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮਾਮਲੇ 'ਤੇ ਲਿਖਤੀ ਪੱਤਰ ਵੀ ਸੌਂਪਿਆ ਅਤੇ ਉਨ੍ਹਾਂ ਨੇ ਯੋਗੀ ਨੂੰ ਦਸਿਆ ਕਿ ਇਹ ਐਕਟ ਸੰਸਦ ਵਲੋਂ ਪਾਸ ਹੋ ਚੁੱਕਾ ਹੈ ਅਤੇ ਯੂ.ਪੀ. ਵਿਚ ਸਿੱਖਾਂ ਨੂੰ ਇਸ ਐਕਟ ਦੇ ਲਾਗੂ ਨਾ ਹੋਣ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਵੀ ਦਸਿਆ ਕਿ ਹਰਿਆਣਾ ਤੇ ਪੰਜਾਬ ਇਸ ਐਕਟ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੇ ਹਨ। ਸ. ਸਿਰਸਾ ਨੇ ਮੁੱਖ ਮੰਤਰੀ ਨੂੰ ਸੂਬੇ ਵਿਚ ਐਕਟ ਲਾਗੂ ਕਰਨ ਦੀ ਅਪੀਲ ਕਰਦਿਆ ਦਸਿਆਂ ਕਿ ਸੂਬੇ ਦੇ ਸਿੱਖ ਚਾਹੁੰਦੇ ਹਨ ਕਿ ਉਨ੍ਹਾਂ ਦੇ ਵਿਆਹਾਂ ਦੀ ਰਜਿਸਟ੍ਰੇਸ਼ਨ ਐਕਟ ਤਹਿਤ ਹੋਵੇ ਪਰ ਇਸ ਦੇ ਲਾਗੂ ਨਾ ਹੋਣ ਕਾਰਨ ਉਹ ਪੁਰਾਣੀ ਵਿਵਸਥਾ ਅਨੁਸਾਰ ਹੀ ਵਿਆਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਮਜਬੂਰ ਹਨ। ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਦਸੀ ਮੁਸ਼ਕਲ ਨੂੰ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਐਕਟ ਜਲਦੀ ਹੀ ਲਾਗੂ ਕੀਤਾ ਜਾਵੇਗਾ ਤੇ ਉਹ ਇਸ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕਰਵਾਉਣਗੇ।