
ਚੋਣਾਂ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ
ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਨੇ ਆਪਣੇ ਉਤੇ ਦਰਜ ਕੇਸ ਰੱਦ ਕਰਾਉਣ ਲਈ ਹੁਣ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ ਮਜੀਠੀਆ ਇਸ ਸਮੇਂ ਪਟਿਆਲਾ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਆਪਣੇ 'ਤੇ ਦਰਜ ਕੇਸ ਨੂੰ ਰੱਦ ਕਰਵਾਉਣ ਲਈ ਪਟੀਸ਼ਨ ਦਾਖ਼ਲ ਕੀਤੀ ਹੈ। ਦੱਸਣਯੋਗ ਹੈ ਕਿ ਡਰੱਗਜ਼ ਕੇਸ 'ਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲ ਰਹੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਬਿਕਰਮ ਮਜੀਠੀਆ ਖ਼ਿਲਾਫ਼ ਜਦੋਂ ਪਹਿਲਾਂ ਕੇਸ ਦਰਜ ਹੋਇਆ ਤਾਂ ਉਨ੍ਹਾਂ ਨੇ ਅੰਤਰਿਮ ਜ਼ਮਾਨਤ ਮੰਗੀ। ਮੋਹਾਲੀ ਅਦਾਲਤ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਅੰਤਰਿਮ ਜ਼ਮਾਨਤ ਖਾਰਜ ਕਰ ਦਿੱਤੀ।
Bikram Majithia
ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਚੋਣਾਂ ਲੜਨ ਤੱਕ ਉਨ੍ਹਾਂ ਨੂੰ ਰਾਹਤ ਦਿੱਤੀ। ਫਿਰ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਰੈਗੁਲਰ ਜ਼ਮਾਨਤ ਮੰਗੀ ਪਰ ਕੇਸ 'ਚ ਲੱਗੀਆਂ ਧਾਰਾਵਾਂ ਦੇ ਕਾਰਨ ਜ਼ਮਾਨਤ ਨਹੀਂ ਮਿਲ ਸਕੀ ਹੈ। ਸਾਬਕਾ ਮੰਤਰੀ ਨੇ ਆਪਣੇ ’ਤੇ ਦਰਜ ਕੇਸਾਂ ਨੂੰ ਸਿਆਸਤ ਤੋ ਪ੍ਰੇਰਿਤ ਦੱਸਿਆ ਹੈ ਤੇ ਦਲੀਲ ਦਿੱਤੀ ਹੈ ਕਿ ਇਨ੍ਹਾਂ ਕੇਸਾਂ ਦੀ ਜਾਂਚ ਪਹਿਲਾਂ ਹੀ ਉੱਚ ਪੁਲਿਸ ਅਧਿਕਾਰੀ ਕਰ ਚੁੱਕੇ ਹਨ।