
ਹਰਭਜਨ ਸਿੰਘ ਈਟੀਓ ਨੇ ਭਰੋਸਾ ਦਿੱਤਾ ਹੈ ਕਿ ਸੂਬੇ 'ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਪੰਜਾਬ ਵਿਚ ਪ੍ਰੀਪੇਡ ਮੀਟਰ ਨਹੀਂ ਸਗੋਂ ਸਮਾਰਟ ਬਿਜਲੀ ਮੀਟਰ ਲਗਾਏ ਜਾਣਗੇ। ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਇਹ ਬਿਆਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਜਲਦੀ ਦੀ 300 ਯੂਨਿਟ ਬਿਜਲੀ ਮੁਫ਼ਤ ਕੀਤੀ ਜਾਵੇਗੀ।
ਪੰਜਾਬ ਵਿਚ ਲਗਾਤਾਰ ਬਿਜਲੀ ਸੰਕਟ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਸਵਾਲਾਂ ਦਾ ਜਵਾਬ ਦਿੰਦਿਆਂ ਹਰਭਜਨ ਸਿੰਘ ਈਟੀਓ ਨੇ ਭਰੋਸਾ ਦਿੱਤਾ ਹੈ ਕਿ ਸੂਬੇ 'ਚ ਬਿਜਲੀ ਸੰਕਟ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਵਲੋਂ ਝਾਰਖੰਡ ਤੋਂ ਕੋਲਾ ਖਰੀਦਿਆ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਵਿਚ ਕੋਲੇ ਦੀ ਕੋਈ ਕਮੀ ਨਹੀਂ ਹੈ ਅਤੇ ਨਾ ਹੀ ਭਵਿੱਖ ਵਿਚ ਕੋਲੇ ਦੀ ਕੋਈ ਕਮੀ ਹੋਵੇਗੀ, ਜਿਸ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਕੋਲੇ ਦੀ ਸਪਲਾਈ ਕਰਨ ਤੋਂ ਇਨਕਾਰ ਕਰਦਿਆਂ ਵਿਦੇਸ਼ ਤੋਂ ਕੋਲਾ ਮੰਗਵਾਉਣ ਦੀ ਸਲਾਹ ਦਿੱਤੀ ਹੈ। ਕੇਂਦਰ ਨੇ ਸੂਬਾ ਸਰਕਾਰਾਂ ਨੂੰ ਪੱਤਰ ਲਿਖਦਿਆਂ ਕਿਹਾ ਸੀ ਕਿ ਹਰੇਕ ਸੂਬੇ ਨੂੰ ਕਮੀ ਅਨੁਸਾਰ ਨਹੀਂ ਸਗੋਂ ਅਨੁਪਾਤ ਅਨੁਸਾਰ ਹੀ ਕੋਲੇ ਦੀ ਸਪਲਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 10 ਮਾਰਚ ਨੂੰ ਜਾਰੀ ਕੀਤੇ ਇਕ ਪੱਤਰ ਵਿਚ ਪੰਜਾਬ ਸਰਕਾਰ ਨੂੰ 3 ਮਹੀਨਿਆਂ ਅੰਦਰ ਸੂਬੇ ਵਿਚ ਪ੍ਰੀਪੇਡ ਸਮਾਰਟ ਮੀਟਰ ਲਗਾਉਣ ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕੇਂਦਰ ਵੱਲੋਂ ਬਿਜਲੀ ਸੁਧਾਰਾਂ ਲਈ ਦਿੱਤੇ ਜਾ ਰਹੇ ਫੰਡਾਂ ਨੂੰ ਰੋਕਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।