
7 ਅਗਸਤ 2021 ਨੂੰ ਮੋਹਾਲੀ ਵਿਖੇ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਨਵੀਂ ਦਿੱਲੀ: ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ ਤਿੰਨ ਸ਼ਾਰਪ ਸ਼ੂਟਰਾਂ ਸਮੇਤ ਹੋਰਨਾਂ ਮਾਮਲਿਆਂ 'ਚ ਨਾਮਜ਼ਦ 12 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿੱਕੀ ਮਿੱਡੂਖੇੜਾ ਦੇ ਭਰਾ ਨੇ ਵੀ ਰੋਜ਼ਾਨਾ ਸਪੋਕਸਮੈਨ ਨੂੰ ਇਹ ਜਾਣਕਾਰੀ ਦਿੱਤੀ ਹੈ।
ਵਿੱਕੀ ਮਿੱਡੂਖੇੜਾ ਦੇ ਭਰਾ ਅਜੇਪਾਲ ਮਿੱਡੂਖੇੜਾ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਇਕੋ ਗੈਂਗ ਨਾਲ ਸਬੰਧ ਰੱਖਦੇ ਹਨ। ਉਹਨਾਂ ਕਿਹਾ ਕਿ ਅਪਣੇ ਭਰਾ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਸਕੂਨ ਮਿਲਿਆ ਹੈ। ਇਸ ਤੋਂ ਬਾਅਦ ਉਹਨਾਂ ਵਿਚ ਇਨਸਾਫ ਦੀ ਉਮੀਦ ਜਾਗੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹਨਾਂ ਗੈਂਗਸਟਰਾਂ 'ਤੇ ਇਨਾਮ ਵੀ ਰੱਖਿਆ ਹੋਇਆ ਸੀ। ਦੱਸ ਦੇਈਏ ਕਿ 7 ਅਗਸਤ 2021 ਨੂੰ ਮੋਹਾਲੀ ਵਿਖੇ ਵਿੱਕੀ ਮਿੱਡੂਖੇੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਪੋਸਟ ਜ਼ਰੀਏ ਕਤਲ ਦੀ ਜ਼ਿੰਮੇਵਾਰੀ ਚੁੱਕੀ ਸੀ। ਉਹਨਾਂ ਦੇ ਕਤਲ ਤੋਂ 7 ਮਹੀਨਿਆਂ ਬਾਅਦ ਪੁਲਿਸ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਸਕੀ।