
ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਨੇ ਰੋਪੜ 'ਚ ਇਕ ਰੋਡ ਸ਼ੋਅ ਕੱਢਿਆ
ਰੋਪੜ : ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਮਨੀਸ਼ ਤਿਵਾੜੀ ਵਲੋਂ ਅੱਜ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ ਗਏ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ। ਕਾਗ਼ਜ਼ ਦਾਖ਼ਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਵੱਲੋਂ ਰੋਪੜ 'ਚ ਇਕ ਰੋਡ ਸ਼ੋਅ ਕੀਤਾ ਗਿਆ।
Manish Tiwari filed nomination papers
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਦੀ ਜਿੱਤ ਤੈਅ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਹਰ ਵਾਰ ਇਸ ਹਲਕੇ ਨੂੰ 'ਪੰਥਕ ਹਲਕਾ' ਕਿਹਾ ਜਾਂਦਾ ਹੈ। ਇਹ ਸਿਰਫ਼ ਅਕਾਲੀ ਦਲ ਦਾ ਮੁੱਦਾ ਹੈ ਅਤੇ ਹਰ ਵਾਰ ਅਕਾਲੀ ਦਲ ਇਸ ਹਲਕੇ ਨੂੰ ਪੰਥਕ ਹਲਕਾ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਦਾ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਤਿਵਾੜੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਰਹਿ ਚੁੱਕੇ ਹਨ ਅਤੇ ਤਿਵਾੜੀ ਦੀ ਜਿੱਤ ਪੱਕੀ ਹੈ।
Manish Tiwari road show-1
ਫ਼ਿਲਮੀ ਅਦਾਕਾਰ ਸੰਨੀ ਦਿਓਲ ਵਲੋਂ ਗੁਰਦਾਸਪੁਰ ਤੋਂ ਭਾਜਪਾ ਵਲੋਂ ਚੋਣ ਲੜਨ ਦੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਸੰਨੀ ਦਿਓਲ ਦੋ ਹਫ਼ਤੇ ਗੁਰਦਾਸਪੁਰ ਰਹੇਗਾ ਅਤੇ ਵਾਪਸ ਮੁੰਬਈ ਚਲਾ ਜਾਵੇਗਾ। ਸੰਨੀ ਦਿਓਲ ਤੋਂ ਕਾਂਗਰਸ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਗੁਰਦਾਸਪੁਰ ਤੋਂ ਸ਼ਾਨਦਾਰ ਜਿੱਤ ਦਰਜ ਕਰਨਗੇ।
Manish Tiwari road show-2
ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ 10-10 ਕਰੋੜ ਰੁਪਏ ਦੇ ਕੇ ਖਰੀਦਣ ਦੇ ਲਗਾਏ ਜਾ ਰਹੇ ਦੋਸ਼ਾਂ ਦੇ ਬਾਰੇ ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਬਹੁਮਤ ਹੈ ਅਤੇ 78 ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਖਰੀਦੋ-ਫਰੋਖ਼ਤ ਦੇ ਝੂਠੇ ਦੋਸ਼ ਲਗਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਚੋਣ ਵਾਅਦੇ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 10 ਲੱਖ ਨੌਜਵਾਨਾਂ ਨੂੰ ਨੌਕਰੀ ਦਿੱਤੀ ਗਈ ਹੈ ਅਤੇ ਰੁਜ਼ਗਾਰ ਕੈਂਪ ਲਗਾਏ ਗਏ ਹਨ।