
ਹਲਕੇ ਦੇ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿਤਾ ਜਾਵੇਗਾ
ਪਟਿਆਲਾ, 28 ਅਪਰੈਲ (ਤੇਜਿੰਦਰ ਫ਼ਤਿਹਪੁਰ) : ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆਏ ਰਾਜਪੁਰਾ ਦੇ ਸਾਰੇ ਮਰੀਜ਼ਾਂ ਦਾ ਧਿਆਨ ਜਿਲ੍ਹਾ ਪ੍ਰਸ਼ਾਸ਼ਨ ਬਾਖੂਬੀ ਰੱਖ ਰਿਹਾ ਹੈ ਅਤੇ ਇਸਦੇ ਨਾਲ ਹੀ ਰਾਜਪੁਰਾ ਦੇ ਸਾਰੇ ਲੋਕਾਂ ਦੀ ਸਕਰੀਨਿੰਗ ਦਾ ਕੰਮ ਵੀ ਲਗਾਤਾਰ ਜਾਰੀ ਹੈ।
ਵਿਧਾਇਕ ਕੰਬੋਜ ਨੇ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਜੋ ਰਾਜਪੁਰਾ ਦੇ ਲੋਕ ਜ਼ਰੂਰਤਮੰਦ ਹਨ, ਉਨ੍ਹਾਂ ਦਾ ਵੀ ਰੋਜ਼ਾਨਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਘਰ ਤੱਕ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਹਲਕੇ ਦੇ ਲੋਕਾਂ ਲਈ ਸ਼ੁਰੂ ਕੀਤੀ ਸੇਵਾ ਤਹਿਤ ਹੁਣ ਤੱਕ ਹਜ਼ਾਰਾਂ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਜਪੁਰਾ ਦੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਰਾਜਪੁਰਾ ਪਰਿਵਾਰ ਦੇ ਹਰ ਮੈਂਬਰ ਦਾ ਧਿਆਨ ਰੱਖਿਆ ਜਾ ਰਿਹਾ ਹੈ। ਸ. ਕੰਬੋਜ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇ ਕੇ ਉਨ੍ਹਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾ ਰਿਹਾ ਹੈ।
ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਫ਼ਵਾਹ ਫੈਲਾਈ ਜਾ ਰਹੀ ਹੈ ਕਿ ਰਾਜਪੁਰਾ ਵਿਖੇ ਹੁੱਕਾ ਬਾਰ ਚੱਲ ਰਿਹਾ ਹੈ, ਜਦਕਿ ਇਹ ਕੋਰਾ ਝੂਠ ਹੈ। ਉਨ੍ਹਾਂ ਕਿਹਾ ਕਿ ਗ਼ਲਤ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਰਾਜਪੁਰਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ।