
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।
ਚੰਡੀਗੜ੍ਹ: ਦੇਸ਼ ਦੇ ਕਈ ਸੂਬਿਆਂ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਗਰਮੀ ਵਧਣ ਨਾਲ ਬਿਜਲੀ ਦੀ ਮੰਗ ਵੀ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਿਜਲੀ ਸੰਕਟ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਦੇਸ਼ ਭਰ ਵਿਚ ਬਿਜਲੀ ਦੇ ਲੱਗ ਰਹੇ ਕੱਟਾਂ ਲਈ ਮੁੱਖ ਜ਼ਿੰਮੇਵਾਰ ਕੇਂਦਰ ਸਰਕਾਰ ਹੈ। ਸਾਰਾ ਦੇਸ਼ ਅੱਜ ਕੋਲੇ ਦੀ ਕਮੀ ਕਾਰਨ ਪੈਦਾ ਹੋਈ ਵੱਡੀ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਕੇਂਦਰ ਸਰਕਾਰ ਕੋਲੇ ਦੀ ਕਮੀ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਹੈ।
ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰ ਸਿੰਘ ਨੇ ਕਿਹਾ ਕਿ ਕੋਲੇ ਦੀ ਘਾਟ ਕਾਰਨ ਅੱਜ ਪੂਰੇ ਦੇਸ਼ ਵਿਚ ਬਿਜਲੀ ਦੇ ਕੱਟ ਲੱਗ ਰਹੇ ਹਨ ਪਰ ਕੇਂਦਰ ਸਰਕਾਰ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਜ਼ੋਰ ਲਗਾ ਰਹੀ ਹੈ। ‘ਆਪ’ ਆਗੂ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਾਕਾਮੀ ਕਾਰਨ ਕੋਲੇ ਦੀ ਘਾਟ ਹੈ, ਜਿਸ ਕਾਰਨ ਪੂਰੇ ਦੇਸ਼ ਵਿਚ ਬਿਜਲੀ ਦੇ ਕੱਟ ਲੱਗ ਰਹੇ ਹਨ ਪਰ ਪੰਜਾਬ ਸਰਕਾਰ ਦੀ ਬਦਨਾਮੀ ਹੋ ਰਹੀ ਹੈ।
ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਅਰੋੜਾ ਨੇ ਕਿਹਾ ਕਿ ਦੇਸ਼ ਭਰ ਵਿਚ ਬਿਜਲੀ ਕੱਟਾਂ ਲਈ ਮੁੱਖ ਤੌਰ 'ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਅੱਜ ਪੂਰਾ ਦੇਸ਼ ਕੋਲੇ ਦੀ ਘਾਟ ਕਾਰਨ ਵੱਡੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਕੋਲੇ ਦੀ ਕਮੀ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।
ਹਲਕਾ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਅੱਜ ਦੇਸ਼ ਵਿਚ ਬਿਜਲੀ ਦੀ ਭਾਰੀ ਕਿੱਲਤ ਦਾ ਮੁੱਖ ਕਾਰਨ ਕੋਲੇ ਦੀ ਖਰੀਦ ਵਿਚ ਕੇਂਦਰ ਸਰਕਾਰ ਦੀ ਨਾਕਾਮੀ ਹੈ। ਇਸ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਸਾਰਾ ਦੋਸ਼ ਸੂਬਾ ਸਰਕਾਰਾਂ 'ਤੇ ਮੜ੍ਹ ਰਹੀ ਹੈ। ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਾਰੇ ਦੇਸ਼ ਵਿਚ ਜੋ ਬਿਜਲੀ ਦੀ ਭਾਰੀ ਕਮੀ ਆ ਰਹੀ ਹੈ ਉਸ ਦਾ ਮੁੱਖ ਕਾਰਨ ਕੇਂਦਰ ਸਰਕਾਰ ਦੀ ਕੋਲਾ ਖਰੀਦਣ ਦੀ ਨਾਕਾਮੀ ਹੈ। ਆਪਣੇ ਬਚਾਅ ਲਈ ਕੇਂਦਰ ਸਰਕਾਰ ਭਾਂਡਾ ਪ੍ਰਦੇਸ਼ਾਂ ਦੀਆਂ ਸਰਕਾਰ ਸਿਰ ਭੰਨ ਰਹੀ ਹੈ।
ਹਲਕਾ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਬਿਜਲੀ ਦੇ ਗੰਭੀਰ ਸੰਕਟ ਵਿਚੋਂ ਲੰਘ ਰਿਹਾ ਹੈ। ਕੋਲੇ ਦੀ ਘਾਟ ਨੂੰ ਕੇਂਦਰ ਦੁਆਰਾ ਹੱਲ ਕਰਨ ਦੀ ਲੋੜ ਹੈ। ਉਹਨਾਂ ਨੂੰ ਇਸ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸੂਬਾ ਸਰਕਾਰਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਜੋ ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਰਾਹਤ ਮਿਲ ਸਕੇ।