ਅਸੀਂ ਆਪਣੇ ਪਹਿਲੇ ਪੂਰਨ ਬਜਟ 'ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ
ਪਟਿਆਲਾ - ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।
ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।
ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ।
ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।”
ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।”
ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ।
‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ।
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ।
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।
ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ। ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।