
ਸੰਘਰਸ਼ ਜਾਰੀ ਰੱਖਣ ਦਾ ਐਲਾਨ
ਫ਼ਰੀਦਕੋਟ : ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਹਿਰਾਸਤ ਵਿਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਲਾਸ਼ ਲੈਣ ਲਈ ਪੰਜਾਬ ਦੇ ਹਜ਼ਾਰਾਂ ਲੋਕਾਂ ਨੇ ਐਕਸ਼ਨ ਕਮੇਟੀ ਅਤੇ ਪੀੜਤ ਪਰਵਾਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਸਾਹਮਣੇ ਰੋਸ ਧਰਨਾ ਦਿਤਾ। ਧਰਨੇ ਦੌਰਾਨ ਇਕੱਠ 'ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਵਿਰੁਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ।
Pic-1
ਐਕਸ਼ਨ ਕਮੇਟੀ ਦੇ ਆਗੂਆਂ ਰਜਿੰਦਰ ਸਿੰਘ, ਮਾਸਟਰ ਬੂਟਾ ਸਿੰਘ, ਲਾਲ ਸਿੰਘ ਗੋਲੇਵਾਲਾ, ਗੁਰਦਿਆਲ ਸਿੰਘ ਭੱਟੀ ਅਤੇ ਸੁਖਵਿੰਦਰ ਸੁੱਖੀ ਨੇ ਦੋਸ਼ ਲਾਇਆ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਇਸ ਸ਼ਾਂਤਮਈ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕੀਤੀ ਪਰ ਧਰਨਾ ਸਫ਼ਲ ਰਿਹਾ। ਅੱਜ ਇਸ ਰੋਸ ਧਰਨੇ ਨੂੰ ਲੱਖਾ ਸਿਧਾਣਾ, ਮੰਗਤ ਰਾਮ ਪਾਸਲਾ, ਜਸਕਰਨ ਸਿੰਘ, ਨਰੈਣ ਦੱਤ, ਸੁਮੇਲ ਸਿੰਘ ਸਿੱਧੂ, ਹਰਦੀਪ ਕੌਰ ਕੋਟਲਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ।
Pic-2
ਉਨ੍ਹਾਂ ਕਿਹਾ ਕਿ ਪੁਲਿਸ ਹਿਰਾਸਤ ਵਿਚ ਜਸਪਾਲ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਖ਼ੁਰਦ ਬੁਰਦ ਕਰਨਾ ਇਕ ਬੇਹੱਦ ਸੰਗੀਨ ਜ਼ੁਰਮ ਹੈ। ਬਲਕਿ ਦੋਸ਼ੀਆਂ ਦਾ ਬਚਾਅ ਕਰਨ ਲਈ ਝੂਠੀਆਂ ਕਹਾਣੀਆਂ ਬਣਾਈਆਂ ਗਈਆਂ। ਕੁਲਬੀਰ ਸਿੰਘ, ਗੁਰਬਾਜ ਸਿੰਘ, ਸੁਰਜੀਤ ਸਿੰਘ ਫੂਲ, ਲਵਪ੍ਰੀਤ ਫੇਰੋਕੇ, ਸਰਬਣ ਸਿੰਘ ਪੰਜਗਰਾਈਂ, ਨਾਨਕ ਸਿੰਘ ਬੇਗੂਵਾਲਾ ਆਦਿ ਨੇ ਕਿਹਾ ਕਿ ਜਸਪਾਲ ਸਿੰਘ ਦੀ ਲਾਸ਼ ਮਿਲਣ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤਕ ਸੰਘਰਸ਼ ਜਾਰੀ ਰਹੇਗਾ।
Pic-3
ਮ੍ਰਿਤਕ ਨੌਜਵਾਨ ਜਸਪਾਲ ਸਿੰਘ ਦੇ ਨਾਨਾ ਹੀਰਾ ਸਿੰਘ ਦੀ ਭਾਵਪੂਰਤ ਤਕਰੀਰ ਨੇ ਹਾਜ਼ਰੀਨ ਦੀਆਂ ਅੱਖਾਂ 'ਚੋਂ ਹੰਝੂ ਲੈ ਆਂਦੇ। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ, ਪੀ.ਆਰ.ਟੀ.ਸੀ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ, ਜਸਪਿੰਦਰ ਸਿੰਘ ਸੰਧੂ, ਪੂਰਨ ਸਿੰਘ ਭਾਣਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮੇਂ ਸਿਰ ਪੀੜਤਾਂ ਨੂੰ ਇਨਸਾਫ਼ ਨਹੀਂ ਦਿਤਾ।