
ਕਿਹਾ, ਅਜਿਹੀਆਂ ਗੱਲਾਂ ਕੇਵਲ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵਰਗੇ ਲੋਕ ਹੀ ਕਰਦੇ ਹਨ!
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਬੇਬਾਕੀ ਨਾਲ ਜਵਾਬ ਦਿੰਦਿਆਂ ਵੱਖ-ਵੱਖ ਮੁੱਦਿਆਂ ਨੂੰ ਛੋਹਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਸਰਕਾਰ ਦੇ ਕੰਮ-ਕਾਰ ਦੇ ਢੰਗ ਤਰੀਕਿਆਂ ਸਬੰਧੀ ਵਿਰੋਧੀਆਂ ਵਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਦੇ ਨਾਲ-ਨਾਲ ਪਾਰਟੀ ਅੰਦਰਲੇ ਕੁੱਝ ਆਗੂਆਂ ਵਲੋਂ ਉਠਾਏ ਜਾ ਰਹੇ ਸ਼ੰਕਿਆਂ ਬਾਰੇ ਵੀ ਨਪੇ-ਤੋੜਵੇਂ ਸ਼ਬਦਾਂ 'ਚ ਅਪਣੀ ਰਾਏ ਰੱਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਰੋਨਾ ਕਾਲ ਦੌਰਾਨ ਲੋਕਾਂ ਨੂੰ ਵਧੇਰੇ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕਰਦਿਆਂ ਸਰਕਾਰ ਦੀਆਂ ਇਸ ਮਹਾਮਾਰੀ ਨਾਲ ਨਿਪਟਨ ਦੀਆਂ ਤਿਆਰੀਆਂ 'ਤੇ ਵੀ ਚਾਨਣਾ ਪਾਇਆ।
Capt Amrinder Singh
ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਬਾਰੇ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਖ਼ਾਲਿਸਤਾਨ ਨਹੀਂ ਚਾਹੁੰਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਗੱਲਾਂ ਸਿਰਫ਼ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵਰਗੇ ਲੋਕ ਹੀ ਕਰਦੇ ਹਨ। ਕੈਪਟਨ ਨੇ ਕਿਹਾ ਕਿ ਹਰ ਸਿੱਖ ਦੇਸ਼ ਨਾਲ ਡਟ ਕੇ ਖੜ੍ਹਾ ਹੈ।
Khalistan
ਕਾਨਫ਼ਰੰਸ ਦੌਰਾਨ ਹੋਰ ਕਈ ਅਫ਼ਸਰਾਂ ਦੀ ਸੀਨੀਆਰਟੀ ਨੂੰ ਅੱਖੋਂ ਪਰੋਖੇ ਕਰ ਕੇ ਵਿਨੀ ਮਹਾਜਨ ਨੂੰ ਮੁੱਖ ਸਕੱਤਰ ਬਣਾਏ ਜਾਣ ਬਾਰੇ ਸਵਾਲ ਦੇ ਜੁਆਬ ਵਿਚ ਮੁੱਖ ਮੰਤਰੀ ਨੇ ਇਸ ਨਿਯੁਕਤੀ ਨੂੰ ਪੂਰੀ ਤਰ੍ਹਾਂ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਕਾਬਲੀਅਤ ਤੇ ਕੰਮ ਵੇਖ ਕਿ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਦੋਵੇਂ ਹੀ ਕਾਬਲ ਅਫ਼ਸਰ ਹਨ। ਵਿਨੀ ਮਹਾਜਨ ਸਰਕਾਰ ਦੇ ਕਾਰਜਕਾਲ ਪੂਰਾ ਹੋਣ ਤਕ ਲਗਾਤਾਰ ਕੰਮ ਕਰੇਗੀ ਜਦ ਕਿ ਹੋਰ ਸੀਨੀਅਰ ਅਫ਼ਸਰਾਂ ਨੇ ਅਗਲੇ ਸਾਲ ਤਕ ਰਿਟਾਇਰ ਹੋ ਜਾਣਾ ਸੀ।
vini mahajan
ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਦੇ 'ਸਪੀਕਅਪ ਇੰਡੀਆ' ਪ੍ਰੋਗਰਾਮ ਦੌਰਾਨ ਪੰਜਾਬ ਦੀ ਆਰਥਿਕਤਾ ਸਬੰਧੀ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਇਕਦਮ ਨਹੀਂ ਵਿਗੜੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਲੀਂਹਾਂ 'ਤੇ ਲਿਆਉਣ ਲਈ ਮੋਂਟੇਕ ਸਿੰਘ ਆਹਲੂਵਾਲੀਆ ਦੀ ਬਣਾਈ ਗਈ ਕਮੇਟੀ ਦੀ ਪਹਿਲੀ ਰਿਪੋਰਟ ਮਿਲ ਗਈ ਹੈ ਅਤੇ ਇਹ ਕਮੇਟੀ ਪੰਜਾਬ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ।
Navjot Sidhu
ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇਕ ਚੰਗਾ ਬੁਲਾਰਾ ਹੈ। ਇਸੇ ਕਾਰਨ ਉਨ੍ਹਾਂ ਨੂੰ ਸਪੀਕਅਪ ਇੰਡੀਆ ਵਿਚ 220-221 ਨੰਬਰ 'ਤੇ ਬੋਲਣ ਦਾ ਮੌਕਾ ਮਿਲ ਸਕਿਆ ਸੀ। ਸਿੱਧੂ ਦੀ 2022 ਵਿਚ ਭੂਮਿਕਾ ਬਾਰੇ ਪੁਛੇ ਸਵਾਲ ਦੇ ਜਵਾਬ ਵਿਚ ਕੈਪਟਨ ਨੇ ਕਿਹਾ ਕਿ 2022 ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਫ਼ੈਸਲਾ ਕਾਂਗਰਸ ਹਾਈ ਕਮਾਂਡ ਵਲੋਂ ਕੀਤਾ ਜਾਵੇਗਾ। ਪੰਜਾਬ ਕੈਬਨਿਟ ਦੇ ਵਿਸਥਾਰ ਸਬੰਧੀ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲਾਉਂਦਿਆਂ ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਕੈਬਨਿਟ ਦਾ ਵਿਸਥਾਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਾਹਮਣੇ ਇਸ ਸਮੇਂ ਸਭ ਤੋਂ ਵੱਡੀ ਚੁਨੌਤੀ ਕਰੋਨਾ ਵਾਇਰਸ ਨਾਲ ਨਿਪਟਣ ਦੀ ਹੈ। ਇਸ ਲਈ ਅਜੇ ਕੈਬਨਿਟ ਦਾ ਕੋਈ ਵਿਸਥਾਰ ਨਹੀਂ ਹੋ ਰਿਹਾ। ਫੇਰਬਦਲ ਸਬੰਧੀ ਸਾਰੀਆਂ ਚਰਚਾਵਾਂ ਕੇਵਲ ਮੀਡੀਆ 'ਚ ਹੀ ਹਨ।
Samsher Singh Dullo
ਪਿਛਲੇ ਦਿਨਾਂ ਦੌਰਾਨ ਚਿੱਠੀਆਂ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਿੰਤੂ-ਪ੍ਰੰਤੂ ਕਰਨ ਵਾਲੇ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਪਾ ਅਤੇ ਸਮਸ਼ੇਰ ਸਿੰਘ ਦੂਲੋਂ ਬਾਰੇ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਦੀਆਂ ਸਲਾਹਾਂ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਅਸੀਂ ਪੰਜਾਬ ਨੂੰ ਚਲਾਉਣ ਦੇ ਪੂਰੀ ਤਰ੍ਹਾਂ ਸਮਰੱਥ ਹਾਂ। ਪ੍ਰਤਾਪ ਸਿੰਘ ਬਾਜਵਾ ਦੀਆਂ ਚਿੱਠੀਆਂ ਸਬੰਧੀ ਪੁਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, ''ਮੈਨੂੰ ਨਹੀਂ ਪਤਾ ਬਾਜਵਾ ਦੀ ਚਿੱਠੀ ਕਿੱਥੇ ਜਾਂਦੀ ਹੈ।
thermal plant bathinda
ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰ ਕੇ ਨਿੱਜੀ ਹੱਥਾਂ 'ਚ ਦੇਣ ਦੇ ਇਲਜ਼ਾਮਾਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀਆਂ ਵਲੋਂ ਜਾਣ-ਬੁਝ ਕੇ ਇਸ ਮਸਲੇ ਨੂੰ ਤੁਲ ਦਿਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬਿਜਲੀ ਪੱਖੋਂ ਸਰਪਲੱਸ ਹੋ ਚੁੱਕਾ ਹੈ। ਹੁਣ ਜਦੋਂ ਸਸਤੀ ਬਿਜਲੀ ਮਿਲ ਰਹੀ ਹੈ ਤਾਂ ਮਹਿੰਗੀ ਬਿਜਲੀ ਪੈਦਾ ਕਰਨ ਦੀ ਕੋਈ ਤੁਕ ਨਹੀਂ ਬਣਦੀ। ਕੇਂਦਰ ਵਲੋਂ ਕਿਸਾਨੀ ਸਬੰਧੀ ਜਾਰੀ ਕੀਤੇ ਆਰਡੀਨੈਂਸਾਂ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸੂਬਿਆਂ ਦੇ ਹੱਕਾਂ 'ਤੇ ਡਾਕਾ ਮਾਰਨ 'ਤੇ ਤੁਲਿਆ ਹੋਇਆ ਹੈ।
Corona virus
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਸਾਰੇ ਅਧਿਕਾਰਾਂ ਨੂੰ ਅਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਹੈ। ਇਸ ਦੇ ਚਲਦਿਆਂ ਹੀ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਸੰਘੀ ਢਾਂਚੇ 'ਤੇ ਹਮਲਾ ਕੀਤਾ ਜਾ ਰਿਹਾ ਹੈ। ਪੰਜਾਬ ਅੰਦਰ ਵਧਦੇ ਕਰੋਨਾ ਮਾਮਲਿਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਫ਼ਿਲਹਾਲ ਤਾਲਾਬੰਦੀ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਲਤ ਦੇਸ਼ ਦੇ ਬਾਕੀ ਸੂਬਿਆਂ ਤੋਂ ਬਿਹਤਰ ਹੈ ਅਤੇ ਇੱਥੇ ਮੌਤ ਦਰ ਵੀ ਕਾਫ਼ੀ ਥੱਲੇ ਹੈ। ਉਨ੍ਹਾਂ ਕਿਹਾ ਕਿ ਤਾਲਾਬੰਦੀ 'ਤੇ ਫਿਲਹਾਲ ਕੋਈ ਫ਼ੈਸਲਾ ਨਹੀਂ ਲਿਆ ਗਿਆ ਅਤੇ ਮਾਹਿਰਾਂ ਦੀ ਰਾਏ ਤੋਂ ਬਾਅਦ ਹੀ ਇਸ 'ਤੇ ਕੋਈ ਅੰਤਿਮ ਐਲਾਨ ਕੀਤਾ ਜਾਵੇਗਾ।
Capt Amrinder Singh
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਖੰਘ, ਜ਼ੁਕਾਮ, ਬਦਨ ਦਰਦ ਵਰਗੀ ਮਾਮੂਲੀ ਸ਼ਿਕਾਇਤ ਵੀ ਹੁੰਦੀ ਹੈ ਤਾਂ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਲੋਕ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਕਰੋਨਾ ਵਾਇਰਸ ਦੇ ਫ਼ੈਲਣ 'ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਦੋਂ ਖ਼ਤਮ ਹੋਵੇਗਾ, ਇਸ ਬਾਰੇ ਫ਼ਿਲਹਾਲ ਕੁੱਝ ਵੀ ਨਹੀਂ ਕਿਹਾ ਜਾ ਸਕਦਾ, ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ, ਤਾਂ ਜੋ ਕੋਰੋਨਾ ਮਹਾਮਾਰੀ ਨੂੰ ਮਾਤ ਦਿਤੀ ਜਾ ਸਕੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ ।