
ਚੀਮਾ ਦੀ ਅਗਵਾਈ ਵਿਚ ‘ਆਪ’ ਦੇ ਸੈਂਕੜੇ ਵਰਕਰਾਂ ਨੇ ਡਾ. ਰਾਜ ਕੁਮਾਰ ਦੇ ਘਰ ਦਾ ਕੀਤਾ ਘਿਰਾਉ
ਅੰਮਿ੍ਰਤਸਰ, 28 ਜੂਨ (ਸੁਖਵਿੰਦਰਜੀਤ ਸਿੰਘ ਬਹੋੜੂ): ਲੰਬੇ ਸਮੇਂ ਤੋਂ ਅਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਪੰਜਾਬ ਭਰ ਦੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਮਸਲੇ ਉਤੇ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਝੂਠ ਬੋਲਣ ਵਾਲੇ ਰਾਜ ਕੁਮਾਰ ਵੇਰਕਾ ਦੇ ਘਰ ਆਮ ਆਦਮੀ ਪਾਰਟੀ ਨੇ ਘਿਰਾਉ ਕੀਤਾ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੋਰ ਸਾਰੇ ਵਰਗਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਪਲ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਵਾਲੇ ਸਫ਼ਾਈ ਕਰਮਚਾਰੀਆਂ ਨਾਲ ਵੀ ਝੂਠ ਬੋਲ ਕੇ ਉਨ੍ਹਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ। ਰਾਜ ਕੁਮਾਰ ਵੇਰਕਾ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਸਫ਼ਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਝੂਠ ਦਾ ਪੁਲੰਦਾ ਸਾਬਤ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਇਨ੍ਹਾਂ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਅਜੇ ਕੋਈ ਨੀਤੀ ਲਿਆਂਦੀ ਹੈ ਤੇ ਨਾ ਹੀ ਪੰਜਾਬ ਦੀ ਕੈਬਨਿਟ ਵਿਚ ਇਸ ਨੂੰ ਵਿਚਾਰਿਆ ਗਿਆ ਹੈ। ਸਫ਼ਾਈ ਕਰਮਚਾਰੀਆਂ ਨੂੰ ਝੂਠ ਬੋਲ ਕੇ ਉਨ੍ਹਾਂ ਦਾ ਮਜ਼ਾਕ ਉਡਾਉਣ ਲਈ ਵੇਰਕਾ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਝੂਠੇ ਵਾਅਦਿਆਂ ਦਾ ਪਰਦਾਫ਼ਾਸ਼ ਕਰੇਗੀ।
ਐਸਸੀ ਵਿੰਗ ਦੇ ਸੂਬਾ ਪ੍ਰਧਾਨ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਸਮੇਤ ਹਰ ਵਰਗ ਨਾਲ ਝੂਠ ਬੋਲ ਕੇ ਧੋਖਾ ਕੀਤਾ ਹੈ। ਇਸ ਕਾਰਨ ਹੁਣ ਪੰਜਾਬ ਦੇ ਲੋਕ ਕੈਪਟਨ ਸਰਕਾਰ ਨੂੰ ਚਲਦਾ ਕਰਨ ਦਾ ਮਨ ਬਣਾ ਕੇ ਬੈਠੇ ਹਨ। ਕਟਾਰੂਚੱਕ ਨੇ ਕਿਹਾ ਕਿ ਉਹ ਗ਼ਰੀਬ ਸਫ਼ਾਈ ਸੇਵਕਾਂ ਦੇ ਹੱਕਾਂ ਲਈ ਆਖ਼ਰੀ ਦਮ ਤਕ ਲੜਦੇ ਰਹਿਣਗੇ ਅਤੇ ਆਮ ਆਦਮੀ ਪਾਰਟੀ ਇਸ ਸਬੰਧੀ ਸਫ਼ਾਈ ਕਰਮਚਾਰੀਆਂ ਨਾਲ ਵਿਚਾਰ ਉਕਤਾਉਂਦੇ ਉਪਰੰਤ ਅਗਲਾ ਐਕਸ਼ਨ ਉਲੀਕੇਗੀ।
ਕੈਪਸ਼ਨ- ਏ ਐਸ ਆਰ ਬਹੋੜੂ— 28— 7— ਆਪ ਦੇ ਵਰਕਰ ਤੇ ਪੁਲਸ ਆਪਸ ਚ ਭਿੜਦੇ ,ਹੋਰ ਦ੍ਰਿਸ਼।