
ਮੰਤਰੀ ਕਮੇਟੀ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ ਕਿਸੇ ਤਣ-ਪੱਤਣ ਨਾ ਲੱਗੀ
ਠੇਕਾ ਪ੍ਰਣਾਲੀ ਵਾਲੇ ਮੁਲਾਜ਼ਮਾਂ ਦੀ ਵਿੱਤ ਮੰਤਰੀ ਨਾਲ ਮੀਟਿੰਗ ਵੀ ਰਹੀ ਬੇਨਤੀਜਾ
ਚੰਡੀਗੜ੍ਹ, 28 ਜੁਲਾਈ (ਗੁਰਉਪਦੇਸ਼ ਭੁੱਲਰ) : ਪੰਜਾਬ ਦੇ ਮੰਤਰੀਆਂ ਦੀ ਕਮੇਟੀ ਨਾਲ ਅੱਜ ਮੁਲਾਜ਼ਮਾਂ ਦੇ ਸਾਂਝੇ ਫ਼ਰੰਟ ਦੇ ਆਗੂਆਂ ਨਾਲ ਪੇ ਕਮਿਸ਼ਨ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਹੋਈ ਮੀਟਿੰਗ ਜਿਥੇ ਕਿਸੇ ਤਣ ਪਤਨ ਨਹੀਂ ਲੱਗੀ, ਉਥੇ ਦੂਜੇ ਪਾਸੇ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਹੋਈ ਮੀਟਿੰਗ ਵੀ ਬੇਨਤੀਜਾ ਰਹੀ |
ਮੰਤਰੀਆਂ ਦੀ ਪੰਜਾਬ ਭਵਨ ਵਿਚ ਹੋਈ ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਬਲਵੀਰ ਸਿੰਘ ਸਿੱਧੂ ਤੇ ਉਚ ਅਧਿਕਾਰੀ ਸ਼ਾਮਲ ਸਨ | ਇਹ ਮੀਟਿੰਗ ਮੁੱਖ ਮੰਤਰੀ ਦੀ ਹਦਾਇਤ ਬਾਅਦ ਹੋਈ ਹੈ | ਮੁਲਾਜ਼ਮ ਆਗੂਆਂ ਨੇ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ ਬੰਦ ਕੀਤੇ ਸਾਰੇ ਭੱਤੇ ਬਹਾਲ ਕਰਨ 'ਤੇ ਜ਼ੋਰ ਦਿਤਾ ਹੈ | ਮੀਟਿੰਗ ਵਿਚ ਕੋਈ ਗੱਲ ਨਾ ਬਨਣ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ 29 ਜੁਲਾਈ ਨੂੰ ਪਟਿਆਲਾ ਕੂਚ ਦਾ ਪ੍ਰੋਗਰਾਮ ਬਰਕਰਾਰ ਰਖਿਆ ਹੈ | ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਮੀਟਿੰਗ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਰੇਸ਼ਮ ਸਿੰਘ ਗਿੱਲ, ਜਗਸੀਰ ਸਿੰਘ ਭੰਗੂ, ਸੇਵਕ ਸਿੰਘ ਦੰਦੀਵਾਲ, ਸ਼ੇਰ ਸਿੰਘ ਖੰਨਾ, ਰਾਜੇਸ਼ ਕੁਮਾਰ ਆਦਿ ਨੇ ਅੱਜ ਦੀ ਮੀਟਿੰਗ ਵਿਚ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਸਿਰਫ਼ ਤੇ ਸਿਰਫ਼ ਵਿਭਾਗਾਂ ਵਿਚ ਸਿੱਧਾ ਠੇਕੇ ਤੇ ਭਰਤੀ ਕੱਚੇ ਮੁਲਾਜ਼ਮਾਂ ਬਾਰੇ ਵਿਚਾਰ ਹੈ ਪਰ ਠੇਕਾ ਪ੍ਰਣਾਲੀ, ਆਊਟਸੋਰਸਿੰਗ, ਇਨਲਿਸਟਮੈਂਟ ਆਦਿ ਸਮੇਤ ਹੋਰ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਸਰਕਾਰ ਨੇ ਅਜੇ ਤਕ ਕੋਈ ਵੀ ਪ੍ਰਪੋਜ਼ਲ ਨਹੀਂ ਬਣਾਈ |
ਆਗੂਆਂ ਨੇ ਕੈਪਟਨ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸੀ ਪਰ ਤਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਅਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਸਮੂਹ ਸਰਕਾਰੀ ਵਿਭਾਗਾਂ ਵਿਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ, ਆਊਟਸੋਰਸਿੰਗ ਦੀ ਚੱਕੀ ਵਿਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਅਤੇ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ ਜਿਸ ਦੇ ਵਿਰੋਧ ਵਜੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ 3 ਅਤੇ 4 ਅਗੱਸਤ ਨੂੰ ਦੋ ਦਿਨਾਂ ਦੀ ਸਮੂਹਕ ਛੁੱਟੀ ਲੈ ਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰ ਕੇ ਵਿਭਾਗਾਂ ਦੇ ਦਫ਼ਤਰਾਂ ਅੱਗੇ ਪ੍ਰਵਾਰਾਂ ਸਮੇਤ ਪ੍ਰਦਰਸ਼ਨ ਕਰਨਗੇ ਅਤੇ ਨਾਲ-ਨਾਲ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਫ਼ੀਲਡ ਵਿਚ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਕਰ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਬਾਰੇ ਸਵਾਲ ਪੁੱਛੇ ਜਾਣਗੇ |