
ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਨੌਜਵਾਨ
ਅਜਨਾਲਾ: ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਸਾਰੰਗਦੇਵ ਬਸਤੀ ਜੱਗੀਵਾਲ ਵਿਖੇ ਅਪਣੇ ਰਿਸ਼ਤੇਦਾਰਾਂ ਕੋਲ ਰਹਿ ਰਹੀ ਇਕ ਨਾਬਾਲਗ ਲੜਕੀ ਨੂੰ ਪਿੰਡ ਦੀਨੇਵਾਲ ਦੇ ਇਕ ਮਨਚਲੇ ਨੌਜਵਾਨ ਵਲੋਂ ਗੋਲੀ ਮਾਰ ਦਿਤੀ ਗਈ। ਗੰਭੀਰ ਜ਼ਖ਼ਮੀ ਹੋਈ ਲੜਕੀ ਦੀ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਮੌਤ ਹੋ ਗਈ ਹੈ । ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੇ ਥਾਣਾ ਅਜਨਾਲਾ ਦੇ ਐਸ.ਐਚ.ਓ. ਇੰਸਪੈਕਟਰ ਮੁਖਤਿਆਰ ਸਿੰਘ ਵਲੋਂ ਜਾਂਚ ਸ਼ੁਰੂ ਕਰ ਦਿਤੀ ਗਈ ਹੈ ।
ਮਿਲੀ ਜਾਣਕਾਰੀ ਮੁਤਾਬਕ ਗੋਲੀ ਮਾਰਨ ਵਾਲਾ ਨੌਜਵਾਨ ਲੜਕੀ ਨਾਲ ਵਿਆਹ ਕਰਵਾਉਣਾ ਚਾਉਂਦਾ ਸੀ, ਜਿਸ ਤੋਂ ਲੜਕੀ ਦੇ ਪ੍ਰਵਾਰ ਵਲੋਂ ਇਨਕਾਰ ਕਰ ਦਿਤਾ ਗਿਆ। ਲੜਕੀ ਅਪਣੀ ਮਾਸੀ ਕੋਲ ਰਹਿ ਰਹੀ ਸੀ, ਜਿਸ ਦੇ ਚਲਦੇ ਲੜਕੇ ਨੇ ਲੜਕੀ ਦੀ ਮਾਸੀ ਘਰ ਆ ਕੇ ਉਸ ਨੂੰ ਗੋਲੀ ਮਾਰ ਦਿਤੀ।
ਉਧਰ ਪੀੜਤ ਪ੍ਰਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮ ਨੌਜਵਾਨ ਕੋਈ ਕੰਮ ਨਹੀਂ ਕਰਦਾ ਸੀ ਅਤੇ ਨਸ਼ੇ ਦਾ ਆਦੀ ਸੀ। ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦਿਤੀ ਜਾਵੇ।