
ਕੇਂਦਰ ਸਰਕਾਰ 'ਤੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੇ ਹੱਥਾਂ 'ਚੋਂ ਰੋਟੀ ਖੋਹਣ ਦੇ ਲਾਏ ਦੋਸ਼
ਮਾਨਸਾ : ਅਕਾਲੀ-ਭਾਜਪਾ ਗਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਂਦਰ ਸਰਕਾਰ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਤਹਿਤ ਮੋਦੀ ਸਰਕਾਰ 'ਤੇ ਕਿਸਾਨਾਂ ਦੀ ਆਵਾਜ਼ ਨੂੰ ਅਣਗੌਲਿਆ ਕਰਨ ਦਾ ਦੋਸ਼ ਲਾਉਂਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਲਈ ਕੁਰਬਾਨੀਆਂ ਦਿਤੀਆਂ ਹਨ।
Harsimrat Kaur Badal
ਉਨ੍ਹਾਂ ਕਿਹਾ ਕਿ ਜਦੋਂ ਗੱਲਬਾਤ, ਧਰਨੇ, ਮੁਜ਼ਾਹਰਿਆਂ ਨਾਲ ਹੱਕ ਨਹੀਂ ਮਿਲੇ ਤਾਂ ਦਿੱਲੀ ਸਰਕਾਰ ਦੇ ਕਿੰਗਰੇ ਹਿਲਾਉਣ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਕਦੇ ਪਿੱਛੇ ਨਹੀਂ ਹਟਿਆ। ਇਸ ਲਈ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਆਰੰਭ ਕਰਨ ਤੋਂ ਵੀ ਪਿੱਛੇ ਨਹੀਂ ਹਟੇਗਾ।
Harsimrat Kaur Badal
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਦੋਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਦੇ ਹਥਾਂ ਵਿੱਚੋਂ ਰੋਟੀ ਖੋਹਣ ਦੀਆਂ ਸਕੀਮਾਂ ਲਿਆਂਦੀਆਂ ਗਈਆਂ ਤਾਂ ਮੈਂ ਵਜ਼ੀਰੀ ਨੂੰ ਠੋਕਰ ਮਾਰ ਕੇ ਪੰਜਾਬ ਦੇ ਹਿੱਤਾਂ ਨਾਲ ਖੜ੍ਹੀ ਹਾਂ ਪਰ ਕਾਂਗਰਸ ਦੀ ਸੂਬਾ ਸਰਕਾਰ ਨੇ ਕਿਸਾਨਾਂ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਨ ਦੀ ਬਜਾਏ ਜੋ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਬਿੱਲ ਲਿਆਂਦੇ ਗਏ ਹਨ, ਇਹ ਬਿੱਲਾਂ ਦੀ ਹਮਾਇਤ ਕੈਪਟਨ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। ਹੁਣ ਤਾਂ ਸਿਰਫ ਸਿਆਸੀ ਡਰਾਮੇਬਾਜ਼ੀਆਂ ਕਰ ਰਹੀ ਹੈ।
Harsimrat kaur badal
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਇਕ ਅਕਤੂਬਰ ਨੂੰ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਚੰਡੀਗੜ੍ਹ ਤੱਕ ਚੱਲਣ ਵਾਲੇ ਕਿਸਾਨ ਮਾਰਚ ਵਿਚ ਹੁੰਮ-ਹੁਮਾ ਕੇ ਸ਼ਾਮਿਲ ਹੋਵੋ ਤਾਂ ਕਿ ਚੰਡੀਗੜ੍ਹ ਦੀ ਧਰਤੀ ਤੇ ਕੇਸਰੀ ਦਸਤਾਰਾਂ ਦਾ ਆਇਆ ਹੜ੍ਹ ਕੇਂਦਰ ਸਰਕਾਰ ਨੂੰ ਸੋਚਣ ਲਈ ਮਜਬੂਰ ਕਰ ਦੇਵੇ।
Harsimrat Kaur Badal
ਇਸ ਮੌਕੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਵਿਧਾਇਕ ਦਿਲਰਾਜ ਸਿੰਘ ਭੂੰਦੜ, ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਯੂਥ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਜ਼ਿਲ੍ਹਾ ਯੂਥ ਦੇ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਬੱਬੀ ਦਾਨੇਵਾਲੀਆ, ਯੂਥ ਆਗੂ ਰਘਵੀਰ ਸਿੰਘ, ਸ਼ਾਮ ਲਾਲ ਧਲੇਵਾਂ, ਤਰਸੇਮ ਚੰਦ ਮਿੱਢਾ, ਗੋਲਡੀ ਗਾਂਧੀ, ਸੁਰਿੰਦਰ ਪਿੰਟਾ ਆਦਿ ਹਾਜ਼ਰ ਸਨ।