
ਮੁੱਖ ਮੰਤਰੀ ਦਾ ਬਿਆਨ, ' ਕਿਸਾਨਾਂ ਦੇ ਅੰਦੋਲਨ ਤੋਂ ਪੰਜਾਬ ਨੂੰ ਬਹੁਤ ਵੱਡਾ ਖ਼ਤਰਾ' ਸਿਰਫ਼ ਕਿਸਾਨਾਂ ਨੂੰ ਬਦਨਾਮ ਕਰਨ ਤੱਕ ਸੀਮਤ
ਚੰਡੀਗੜ੍ਹ, 29 ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਰਾਜਾ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਕਿ 'ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ' ਨੂੰ ਗ਼ਲਤ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਪੰਜਾਬ ਪ੍ਰਤੀ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Captain Amarinder Singh With Aman Arora
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਅਮਨ ਅਰੋੜਾ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਬਿਆਨ ਦੇ ਰਹੇ ਹਨ ਕਿ ਪੰਜਾਬ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਬਹੁਤ ਵੱਡਾ ਖ਼ਤਰਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਸਬੂਤ ਜਾਂ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਕੇਂਦਰ ਸਰਕਾਰ ਨਾਲ ਸਾਂਝੀ ਕਰਕੇ ਇਸ 'ਤੇ ਤੁਰੰਤ ਕਾਰਵਾਈ ਕਰਨ ਤਾਂ ਕਿ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ।
Congress
ਅਮਨ ਅਰੋੜਾ ਨੇ ਦੱਸਿਆ ਕਿ 5 ਸਾਲ ਪਹਿਲਾਂ 2017 ਦੀਆਂ ਚੋਣਾਂ ਤੋਂ ਪਹਿਲਾਂ ਮੌੜ ਬੰਬ ਧਮਾਕੇ ਨੇ ਪੂਰੀ ਤਰਾਂ ਪੰਜਾਬ ਦੀ ਸਿਆਸਤ ਨੂੰ ਬਦਲ ਕੇ ਰੱਖ ਦਿੱਤਾ ਸੀ ਅਤੇ ਅੱਜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ 4 ਸਾਲਾਂ ਬਾਅਦ ਪੰਜਾਬ ਦਾ ਹਰ ਇੱਕ ਵਰਗ ਆਪਣੇ ਆਪ ਨੂੰ ਠਗਿਆ ਅਤੇ ਲੁੱਟਿਆ ਹੋਇਆ ਮਹਿਸੂਸ ਕਰ ਰਿਹਾ ਹੈ।
Farmer
ਅਰੋੜਾ ਨੇ ਕਿਹਾ ਕਿ ਇਸ ਵਿਚ ਕੋਈ ਦੋ ਰਾਏ ਨਹੀਂ ਹੈ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਕਿਸਾਨਾਂ, ਖੇਤੀ-ਮਜ਼ਦੂਰਾਂ, ਪੱਲੇਦਾਰਾਂ, ਮੁਨੀਮਾਂ, ਆੜ੍ਹਤੀਆਂ, ਛੋਟੇ ਦੁਕਾਨਦਾਰਾਂ ਅਤੇ ਪੇਂਡੂ ਅਰਥਚਾਰੇ ਦੀ ਰੀਡ ਦੀ ਹੱਡੀ ਤੋੜਨ ਦੀ ਕੋਸ਼ਿਸ਼ਾਂ ਕਰ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਢੰਗ ਨਾਲ ਧਰਨਾ-ਪ੍ਰਦਰਸ਼ਨ ਦਾ ਪੂਰੇ ਪੰਜਾਬ ਵਿਚੋਂ ਵੱਖ-ਵੱਖ ਸੰਗਠਨਾਂ ਦਾ ਮਿਲ ਰਿਹਾ ਸਮਰਥਨ ਇੱਕ ਸ਼ਲਾਘਾਯੋਗ ਕਦਮ ਹੈ।
Captain Amarinder Singh
ਉੱਥੇ ਹੀ ਰਾਜਾ ਅਮਰਿੰਦਰ ਸਿੰਘ ਵੱਲੋਂ ਹਲਕੇ ਦਰਜੇ ਅਤੇ ਤਰਕਹੀਣ ਵਰਗੀ ਬਿਆਨਬਾਜ਼ੀ ਕਰਨ ਨਾਲ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਾ ਕਦਮ ਹੈ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੀਆ ਗੱਲਾਂ ਹਨ। ਅਮਨ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਰਾਜਾ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਕਿ 'ਰਾਜਾ ਸਾਹਿਬ' ਆਪਣੀ ਪੰਜਾਬ ਪ੍ਰਤੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੀ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰੋ ਅਤੇ ਤੁਸੀਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਜਿਹੜੀਆਂ ਵਿਕਰਾਲ ਸਮੱਸਿਆਵਾਂ ਨੂੰ ਜੜ ਤੋਂ ਖ਼ਤਮ ਕਰਨ ਲਈ ਕਸਮਾਂ ਖਾਦੀਆਂ ਸਨ, ਤੁਸੀਂ ਉਨ੍ਹਾਂ ਸਮੱਸਿਆਵਾਂ ਨੂੰ ਪੂਰਾ ਕਰਨ ਵਿਚ ਆਪਣਾ 'ਫੋਕਸ' ਕਰੋ, ਨਾ ਕਿ ਕਿਸਾਨ ਭਰਾਵਾਂ ਨੂੰ ਬਦਨਾਮ ਕਰਨ ਵਾਲੀਆ ਗੱਲਾਂ ਨਾ ਕਰੋ।