
ਅੱਜ ਤੋਂ ਸ਼ਹੀਦ ਭਗਤ ਸਿੰਘ ਕੌਮਾਂਤਰੀ ਏਅਰਪੋਰਟ ਵਜੋਂ ਜਾਣਿਆ ਜਾਵੇਗਾ ਚੰਡੀਗੜ੍ਹ ਹਵਾਈ ਅੱਡਾ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਉਦਘਾਟਨ, 2047 ਤਕ ਦੇਸ਼ ਨੂੰ ਵਿਕਸਤ ਮੁਲਕ ਬਣਾਉਣ ਦਾ ਟੀਚਾ : ਸੀਤਾਰਮਨ
ਚੰਡੀਗੜ੍ਹ, 28 ਸਤੰਬਰ : ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਚੰਡੀਗੜ੍ਹ ਸਥਿਤ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ 'ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ' ਰੱਖ ਦਿਤਾ ਗਿਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਝ ਦਿਨ ਪਹਿਲਾਂ ਇਸ ਬਾਰੇ ਐਲਾਨ ਕੀਤਾ ਸੀ |
ਇਸ ਸਬੰਧੀ ਪ੍ਰੋਗਰਾਮ ਵਿਚ ਅੱਜ ਮੁੱਖ ਮਹਿਮਾਨ ਵਜੋਂ ਪਹੁੰਚੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਸਮਾਰੋਹ ਵਿਚ ਪਹੁੰਚ ਕੇ ਕਾਫ਼ੀ ਮਾਣ ਮਹਿਸੂਸ ਹੋਇਆ | ਸੀਤਾਰਾਮਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧਨਵਾਦ ਕੀਤਾ | ਵਿੱਤ ਮੰਤਰੀ ਨੇ ਕਿਹਾ, ''ਇਨ੍ਹਾਂ ਛੋਟੇ-ਛੋਟੇ ਸੰਕੇਤਾਂ ਰਾਹੀਂ ਅਸੀਂ ਆਜ਼ਾਦੀ ਦੇ ਸੰਘਰਸ਼ ਵਿਚ ਸ਼ਹੀਦ ਹੋਏ ਭਗਤ ਸਿੰਘ ਵਰਗੇ ਨੌਜਵਾਨਾਂ ਵਲੋਂ ਦਿਤੇ ਗਏ ਬਲੀਦਾਨ ਨੂੰ ਯਾਦ ਰੱਖ ਸਕਾਂਗੇ |'' ਉਨ੍ਹਾਂ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਹਾਮੀ ਭਰਨ ਲਈ ਪੰਜਾਬ ਤੇ ਹਰਿਆਣਾ ਸਰਕਾਰਾਂ ਦਾ ਵੀ ਧਨਵਾਦ ਕੀਤਾ | ਇਸ ਦੌਰਾਨ ਉਨ੍ਹਾਂ ਆਤਮਨਿਰਭਰ ਭਾਰਤ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਦਾ ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ 2047 ਤਕ ਦੇਸ਼ ਨੂੰ ਇਕ ਵਿਕਸਤ ਦੇਸ਼ ਬਣਾਉਣ ਦਾ ਟੀਚਾ ਹੈ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧਨਵਾਦ ਕੀਤਾ | ਉਨ੍ਹਾਂ ਨੇ ਇਸ ਹਵਾਈ ਅੱਡੇ ਤੋਂ ਅਮਰੀਕਾ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਵੀ ਉਠਾਈ | ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਕੇਂਦਰੀ ਮੰਤਰੀ ਜਨਰਲ ਵੀ.ਕੇ. ਸਿੰਘ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਸਨ | (ਪੀ.ਟੀ.ਆਈ)