
ਕੇਂਦਰ ਸਰਕਾਰ ਬਾਂਹ ਮਰੋੜ ਕੇ ਕਿਸਾਨ ਸੰਘਰਸ਼ ਨੂੰ ਦਬਾ ਨਹੀਂ ਸਕਦੀ-ਕਿਸਾਨ ਆਗੂ
ਅੱਜ ਰੇਲ ਰੋਕੋ ਅੰਦੋਲਨ ਦੇ 29 ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ ਤੇ ਚੱਲ ਰਹੇ ਮੋਰਚੇ ਚ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਕੱਲ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਣਾਏ ਗਏ ਕਮਿਸ਼ਨ ਅਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ 5 ਕਰੋੜ ਰੁਪਏ ਜੁਰਮਾਨਾ ਤੇ 5 ਸਾਲ ਦੀ ਸਜ਼ਾ ਦੇ ਫੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਬਾਂਹ ਮਰੋੜ ਕੇ ਕਿਸਾਨ ਸੰਘਰਸ਼ ਨੂੰ ਦਬਾ ਨਹੀਂ ਸਕਦੀ ਸਗੋਂ ਇਹ ਹੋਰ ਤੇਜ਼ ਹੋਵੇਗਾ ।
Pm modi
ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ,ਬੀਕੇਯੂ ਡਕੌਂਦਾ ਦੇ ਆਗੂ ਸੰਤਰਾਮ ਛਾਜਲੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਭਜਨ ਸਿੰਘ ਢੱਡਰੀਆਂ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਕਿਸਾਨ ਆਗੂ ਜਰਨੈਲ ਸਿੰਘ ਜਹਾਂਗੀਰ, ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ)ਦੇ ਨਿਰਮਲ ਸਿੰਘ ਬਟਰਿਆਣਾ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਸਕੱਤਰ ਜਰਨੈਲ ਸਿੰਘ ਜਨਾਲ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਜਿੱਥੇ ਕਿਸਾਨ ਨੂੰ ਡੋਬਿਆ ਹੈ ਉਥੇ ਸਮੁੱਚਾ ਵਪਾਰੀ ਵਰਗ ਵੀ ਇਸ ਤੋਂ ਦੁਖੀ ਹੈ ।
PROTEST
ਇਸ ਗੁੱਸੇ ਦਾ ਪ੍ਰਗਟਾਵਾ ਬਿਹਾਰ ਦੇ ਵਿੱਚ ਚੋਣ ਪ੍ਰਚਾਰ ਦੌਰਾਨ ਲੋਕਾਂ ਨੇ ਇਨ੍ਹਾਂ ਨੂੰ ਪਿੰਡਾਂ ਵਿੱਚ ਵਿਰੋਧ ਦਰਜ ਕਰਾ ਕੇ ਕੀਤਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਵੀ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਘੋਲ ਦੌਰਾਨ ਸ਼ਹੀਦ ਹੋਏ ਸਮੁੱਚੇ ਕਿਸਾਨਾਂ ਦੇ ਪਰਿਵਾਰਾਂ ਨੂੰ 10 -10 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਅਤੇ ਸਮੁੱਚਾ ਕਰਜ਼ਾ ਤੁਰੰਤ ਮੁਆਫ ਕੀਤਾ ਜਾਵੇ ।ਅੱਜ ਦੇ ਰੋਸ ਧਰਨੇ ਨੂੰ ਕਿਸਾਨ ਆਗੂ ਮਾਸਟਰ ਸਰਬਜੀਤ ਸਿੰਘ,ਜਸਦੀਪ ਸਿੰਘ ਬਹਾਦਰਪੁਰ , ਗੁਰਮੀਤ ਸਿੰਘ ਕਪਿਆਲ, ਨਰੰਜਣ ਸਿੰਘ ਸੰਗਰੂਰ ਅੰਮ੍ਰਿਤਪਾਲ ਸਿੰਘ ਡਸਕਾ ਨੇ ਸੰਬੋਧਨ ਕੀਤਾ।