
ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਦੁਆਰਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ ਰਹੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਬੱਚਿਆਂ ...
ਚੰਡੀਗੜ (ਸ.ਸ.ਸ) : ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਦੁਆਰਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ ਰਹੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਤੋਂ ਪ੍ਰੀਖਿਆ ਫ਼ੀਸ ਵਸੂਲਣ ਦਾ ਵਿਰੋਧ ਕਰਦਿਆਂ ਇਸ ਨੂੰ ਦਲਿਤ ਅਤੇ ਵਿਦਿਆਰਥੀ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ‘ਆਪ‘ ਵੱਲੋਂ ਜਾਰੀ ਪ੍ਰੈੱਸ ਨੋਟ ਵਿਚ ਦਲਿਤ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਰਕਾਰ ਅਜਿਹਾ ਕਰ ਕੇ ਗ਼ਰੀਬ ਅਤੇ ਦਲਿਤ ਬੱਚਿਆਂ ਤੋਂ ਉਨਾਂ ਦਾ ਸਿੱਖਿਆ ਦਾ ਅਧਿਕਾਰ ਖੋਹ ਰਹੀ ਹੈ। ਬਿਲਾਸਪੁਰ ਨੇ ਕਿਹਾ ਕਿ ਸਰਕਾਰ ਨੇ ਇਸ ਸਾਲ ਦੇ ਬਜਟ ਚੋਂ ਫ਼ੀਸਾਂ ਸੰਬੰਧੀ ਬਜਟ ਹੈੱਡ ਖ਼ਤਮ ਕਰ ਦਿੱਤਾ ਹੈ।
ਜਿਸ ਨਾਲ ਕਿ ਫ਼ੀਸਾਂ ਦਾ ਭਾਰ ਵਿਦਿਆਰਥੀਆਂ ਦੇ ਸਿਰ ਉੱਤੇ ਪੈ ਗਿਆ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਦੇਣ ਤੋਂ ਵੀ ਮੁੱਕਰ ਚੁੱਕੀ ਹੈ। ਉਨਾਂ ਕਿਹਾ ਕਿ ਸਰਕਾਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਮੇਤ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬੰਦ ਕਰ ਰਹੀ ਹੈ। ਬਿਲਾਸਪੁਰ ਨੇ ਕਿਹਾ ਕਿ ਸੂਬੇ ਵਿਚ ਸਕੂਲ ਸਿੱਖਿਆ ਦਾ ਭੱਠਾ ਬੈਠ ਚੁੱਕਿਆ ਹੈ ਅਤੇ ਗ਼ਰੀਬ ਬੱਚੇ ਮੁੱਢਲੀ ਸਿੱਖਿਆ ਤੋਂ ਵੀ ਵਾਂਝੇ ਹੋ ਰਹੇ ਹਨ।
ਉਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਗ਼ਰੀਬ ਅਤੇ ਦਲਿਤ ਬੱਚਿਆਂ ਉੱਪਰ ਇਸੇ ਤਰਾਂ ਹੀ ਜ਼ੁਲਮ ਕਰਦੀ ਰਹੀ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਸਮੂਹ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨਾਲ ਮਿਲ ਕੇ ਸੰਘਰਸ਼ ਕਰੇਗੀ।