
Punjab Vigilance: ਮੁਲਜ਼ਮ ਨੇ ਜ਼ਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ ਪੈਸੇ
Mal patwari arrest by vigilance for bribe of 25,000 rupees in Hoshiarpur: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Faridkot News: ਪ੍ਰੇਮਿਕਾ ਦੇ ਵਿਆਹ ਤੋਂ ਮੁਕਰਨ 'ਤੇ ਲੜਕੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।
ਇਹ ਵੀ ਪੜ੍ਹੋ: America News: ਭਾਰਤੀ ਵਿਦਿਆਰਥੀ ਨੂੰ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮਾਰਨ ਦੇ ਦੋਸ਼ 'ਚ ਕੀਤਾ ਗ੍ਰਿਫਤਾਰ
ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।
ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।