
ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਪਟਿਆਲਾ ਵਿਖੇ 'ਸ਼ਾਂਤੀ ਮਾਰਚ' ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਨੂੰ ਪਟਿਆਲਾ ਵਿਖੇ 'ਸ਼ਾਂਤੀ ਮਾਰਚ' ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ। ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ। ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀ ਕੋਸਸਿ ਅਤੇ ਲੁਧਿਆਣਾ ਅਦਾਲਤ ਵਿੱਚ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ 'ਤੇ ਹਮਲੇ ਹਨ।
CM Channi
ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਇਆ ਧਮਾਕਾ ਇਹ ਸਾਬਤ ਕਰਦਾ ਹੈ ਕਿ ਕੁੱਝ ਸਿਆਸੀ ਤੌਰ 'ਤੇ ਪ੍ਰੇਰਿਤ ਤੱਤ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚੰਨੀ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲੋਂ ਆਪਣੇ ਸੱਤਾ ਦੇ ਅਹੁਦਿਆਂ 'ਤੇ ਜਿਆਦਾ ਧਿਆਨ ਦਿੰਦੇ ਹਨ।
Arvind Kejriwal
ਕੇਜਰੀਵਾਲ ਨੇ ਕਿਹਾ, ''ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ,ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ। ਇਸ ਤੋਂ ਪਹਿਲਾ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਵੀ ਇਸ ਤਰਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ 'ਗੁਟਕਾ ਸਾਹਿਬ' ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਸੀ। ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਕੁੱਝ ਨਹੀਂ ਕੀਤਾ। ਕਾਂਗਰਸ ਪੰਜਾਬ ਵਿਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਘਰੇਲੂ ਕਾਟੋ-ਕਲੇਸ਼ ਵਿੱਚ ਰੁੱਝੀ ਹੋਈ ਹੈ।'' ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਲੋਕ ਸਿਰਫ ਆਪਣੇ ਸਿਆਸੀ ਏਜੰਡੇ ਅਤੇ ਲਾਭ ਲਈ ਕੰਮ ਕਰਦੇ ਹਨ।
CM Channi
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ, ਜਾਤਾਂ ਅਤੇ ਫ਼ਿਰਕਿਆਂ ਦੇ ਲੋਕ ਸ਼ਾਂਤੀ ਅਤੇ ਆਪਸੀ ਭਾਈਚਾਰੇ ਨਾਲ ਰਹਿੰਦੇ ਰਹੇ ਹਨ। ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੀਆਂ ਘਟੀਆ ਸਿਆਸੀ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿੱਚ ਇਸ ਸ਼ਾਂਤੀ ਮਾਰਚ ਦੌਰਾਨ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕ ਇਕੱਠੇ ਹੋ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨਗੇ।
31 ਦਸੰਬਰ ਨੂੰ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ 11 ਵਜੇ 'ਸ਼ਾਂਤੀ ਮਾਰਚ' ਪਟਿਆਲਾ ਵਿਖੇ ਸ਼ੇਰਾਂਵਾਲਾ ਗੇਟ ਤੋਂ ਸੁਰੂ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਦੋਸਤਾਂ-ਮਿੱਤਰਾਂ ਸਮੇਤ ਇਸ ਮਾਰਚ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।