
SC ਕਾਲੇਜੀਅਮ ਨੇ ਪੰਜ ਹਾਈ ਕੋਰਟਾਂ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਨਾਵਾਂ ਦੀ ਕੀਤੀ ਸਿਫ਼ਾਰਸ਼
Chief Justices of Punjab Haryana High Court: ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ, ਰਾਜਸਥਾਨ, ਇਲਾਹਾਬਾਦ, ਗੁਹਾਟੀ ਅਤੇ ਝਾਰਖੰਡ ਦੀਆਂ ਹਾਈ ਕੋਰਟਾਂ ਲਈ ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ।
ਸੀਜੇਆਈ ਡੀਵਾਈ ਚੰਦਰਚੂੜ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਬੀਆਰ ਗਵਈ, ਜੋ ਕੌਲਿਜੀਅਮ ਦਾ ਹਿੱਸਾ ਸਨ, ਨੇ 27 ਦਸੰਬਰ ਨੂੰ ਮਤਾ ਪਾਸ ਕੀਤਾ ਸੀ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਜਸਟਿਸ ਨਾਗੂ ਇਥੇ ਚੀਫ਼ ਜਸਟਿਸ ਰਹੇ ਰਵੀਸ਼ੰਕਰ ਝਾਅ ਦੀ ਥਾਂ ਲੈਣਗੇ। ਜਸਟਿਸ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਜਸਟਿਸ ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ।
ਕਾਲੇਜੀਅਮ ਨੇ ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਮਨਿੰਦਰਾ ਮੋਹਨ ਸ੍ਰੀਵਾਸਤਵ ਨੂੰ ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਅਰੁਣ ਭੰਸਾਲੀ ਨੂੰ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕਾਲੇਜੀਅਮ ਦੇ ਇਕ ਹੋਰ ਮਤੇ ਵਿਚ ਰਾਜਸਥਾਨ ਹਾਈ ਕੋਰਟ ਦੇ ਜੱਜ ਜਸਟਿਸ ਵਿਜੇ ਬਿਸ਼ਨੋਈ ਨੂੰ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਝਾਰਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਲਈ ਓਡੀਸ਼ਾ ਹਾਈ ਕੋਰਟ ਦੇ ਜੱਜ ਜਸਟਿਸ ਬੀਆਰ ਸਾਰੰਗੀ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ।
(For more Punjabi news apart from SC recommends justice Sheel Nagu as CJ of Punjab and Haryana HC, stay tuned to Rozana Spokesman)