
ਰਾਜਸਥਾਨ ਦੇ ਭੀਲਵਾੜਾ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ
ਮੰਡਲਗੜ੍ਹ ਦੇ ਸਟੇਸ਼ਨ ਇੰਚਾਰਜ ਸਣੇ ਤਿੰਨ ਪੁਲਿਸ ਮੁਲਾਜ਼ਮ ਮੁਅੱਤਲ
ਜੈਪੁਰ, 29 ਜਨਵਰੀ : ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਛੇ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਘਟਨਾ ’ਤੇ ਸੋਗ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਵਧੀਕ ਪੁਲਿਸ ਸੁਪਰਡੈਂਟ, ਭਿਲਵਾੜਾ, ਗਜੇਂਦਰ ਸਿੰਘ ਨੇ ਕਿਹਾ ਕਿ ਘਟਨਾ ਮੰਡਲਗੜ੍ਹ ਜ਼ਿਲ੍ਹੇ ਦੇ ਸਰਾਂ ਪਿੰਡ ਦੀ ਹੈ। ਇਸ ਕੇਸ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਸ਼ਰਾਬ ਪੀਣ ਨਾਲ ਬੀਮਾਰ ਹੋਏ ਛੇ ਵਿਅਕਤੀਆਂ ਨੂੰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਘਟਨਾ ਤੋਂ ਬਾਅਦ ਮੰਡਲਗੜ੍ਹ ਦੇ ਸਟੇਸ਼ਨ ਇੰਚਾਰਜ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿਤਾ ਗਿਆ ਹੈ।
ਮੁੱਖ ਮੰਤਰੀ ਗਹਿਲੋਤ ਨੇ ਇਸ ਘਟਨਾ ’ਤੇ ਸੋਗ ਪ੍ਰਗਟ ਕਰਦਿਆਂ ਟਵੀਟ ਕੀਤਾ ਕਿ ਮੁੱਖ ਮੰਤਰੀ ਰਾਹਤ ਫ਼ੰਡ ਮ੍ਰਿਤਕਾਂ ਦੇ ਪਰਵਾਰ ਵਾਲਿਆਂ ਨੂੰ 2-2 ਲੱਖ ਅਤੇ ਹੋਰ ਪੀੜਤਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਏਗਾ। (ਪੀਟੀਆਈ)