ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ ਦੀ ਮੌਜੂਦਗੀ ’ਚ ਪ੍ਰਾਪਤ ਕੀਤੀਆਂ।
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਅਤੇ ਪਰਿਵਾਰ ਵੱਲੋਂ ਸਵਰਾਜ ਮਾਜਦਾ ਟਰੱਕ ਭੇਟ ਕਰਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਸਵਰਾਜ ਮਾਜਦਾ ਟਰੱਕ ਦੀਆਂ ਚਾਬੀਆਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹੁਦੇਦਾਰਾਂ ਤੇ ਅਧਿਕਾਰੀਆਂ ਦੀ ਮੌਜੂਦਗੀ ’ਚ ਪ੍ਰਾਪਤ ਕੀਤੀਆਂ।
ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੁੰਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦੀਆਂ ਹਨ। ਗੁਰੂ ਘਰ ਦੇ ਸ਼ਰਧਾਲੂ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਈ ਸੇਵਾਵਾਂ ਵਿਚ ਵੱਡਾ ਹਿੱਸਾ ਪਾਇਆ ਗਿਆ ਹੈ। ਅੱਜ ਵੀ ਇਸ ਸੇਵਕ ਪਰਿਵਾਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਇਕ ਸਵਰਾਜ ਮਾਜਦਾ ਟਰੱਕ ਭੇਟ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਧੰਨਵਾਦ ਕਰਦਿਆਂ ਗੁਰੂ ਸਾਹਿਬ ਅੱਗੇ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਰਣਜੀਤ ਸਿੰਘ ਜਲੰਧਰ ਆਦਿ ਹਾਜ਼ਰ ਸਨ।
