
ਕੇਂਦਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਪੇਂਡੂ ਵਿਕਾਸ ਐਕਟ 1987 ਵਿਚ ਸੋਧ ਕਰੇ, ਉਸ ਤੋਂ ਬਾਅਦ ਫੰਡ ਜਾਰੀ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਨੇ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 1100 ਕਰੋੜ ਰੁਪਏ ਰੋਕ ਲਏ ਹਨ। ਕੇਂਦਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਪੇਂਡੂ ਵਿਕਾਸ ਐਕਟ 1987 ਵਿਚ ਸੋਧ ਕਰੇ, ਉਸ ਤੋਂ ਬਾਅਦ ਫੰਡ ਜਾਰੀ ਕੀਤਾ ਜਾਵੇਗਾ।
ਦਰਅਸਲ ਪਿਛਲੀ ਕਾਂਗਰਸ ਸਰਕਾਰ ਨੇ ਪੇਂਡੂ ਵਿਕਾਸ ਲਈ ਮਿਲੇ ਫੰਡ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਿਚ ਖਰਚ ਕੀਤੇ ਸਨ, ਜਿਸ ਤੋਂ ਬਾਅਦ ਕੇਂਦਰ ਨੇ ਇਹ ਸਖ਼ਤੀ ਦਿਖਾਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੇਂਡੂ ਵਿਕਾਸ ਫੰਡ ਵਿਚੋਂ ਪੈਸਾ ਖਰੀਦ ਕੇਂਦਰਾਂ ਦੇ ਵਿਕਾਸ ਲਈ ਦਿੱਤਾ ਜਾਂਦਾ ਹੈ। ਇਹ ਪੈਸਾ ਇਸ 'ਤੇ ਖਰਚ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੂੰ ਆਪਣੇ ਪੰਜਾਬ ਪੇਂਡੂ ਵਿਕਾਸ ਐਕਟ 1987 ਵਿਚ ਸੋਧ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਹੀ ਫੰਡ ਜਾਰੀ ਕੀਤਾ ਜਾਵੇਗਾ।
ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਕੇਂਦਰ ਨੇ 1200 ਕਰੋੜ ਦੇ ਫੰਡ ਰੋਕ ਦਿੱਤੇ ਸਨ। ਉਸ ਸਮੇਂ ਇਹ ਗੱਲ ਸਾਹਮਣੇ ਆਈ ਸੀ ਕਿ ਸਰਕਾਰ ਨੇ ਪੇਂਡੂ ਵਿਕਾਸ ਲਈ ਮਿਲੇ ਪੈਸੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਖਰਚ ਕੀਤੇ ਸਨ। ਉਸ ਸਮੇਂ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਉਹ ਐਕਟ ਵਿਚ ਸੋਧ ਕਰਨਗੇ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ।
ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਜਿਸ ਕੰਮ ਲਈ ਫੰਡ ਆਏ ਹਨ, ਉਸ ਨੂੰ ਖਰਚਿਆ ਜਾਵੇਗਾ। ਕੇਂਦਰ ਨੂੰ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਾ ਚਾਹੀਦਾ। ਇਹ ਪਿਛਲੀ ਸਰਕਾਰ ਦੀ ਨਾਕਾਮੀ ਤੇ ਗਲਤੀ ਹੈ, ਇਸ ਦਾ ਖਮਿਆਜ਼ਾ ਅਸੀਂ ਕਿਉਂ ਭੁਗਤੀਏ।
ਉਧਰ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਪਿਛਲੀ ਵਾਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ’ਤੇ ਆਰਡੀਐਫ ਦੇ 6 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ। ਇਸ ਤੋਂ ਬਾਅਦ ਕੇਂਦਰ ਨੂੰ ਯੂਟੀਲਾਈਜ਼ੇਸ਼ਨ ਸਰਟੀਫਿਕੇਟ (ਯੂਸੀ) ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਇਹ ਕਾਨੂੰਨ ਹੈ ਅਤੇ ਪ੍ਰਧਾਨ ਮੰਤਰੀ ਵੀ ਇਸ ਨੂੰ ਨਹੀਂ ਬਦਲ ਸਕਦੇ। ਆਮ ਆਦਮੀ ਪਾਰਟੀ ਨੂੰ ਕੇਂਦਰ ਖਿਲਾਫ ਜ਼ਹਿਰ ਨਹੀਂ ਉਗਲਣਾ ਚਾਹੀਦਾ।