
ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮਾਮਲੇ 'ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਨ
ਚੰਡੀਗੜ੍ਹ: ਪਟਿਆਲਾ 'ਚ ਹੋਈ ਝੜਪ ਤੋਂ ਬਾਅਦ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਦੇ ਚਲਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਮਾਨ ਪਟਿਆਲਾ ਵਿਚ ਹੋਏ ਘਟਨਾਕ੍ਰਮ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਨ।
ਇਸ ਸਬੰਧੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਮਾਮਲੇ 'ਤੇ ਬਰੀਕੀ ਨਾਲ ਨਜ਼ਰ ਰੱਖ ਰਹੇ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦਾ ਅਧਿਕਾਰ ਨਹੀਂ ਹੈ, ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕਿਸੇ ਸਿਆਸੀ ਪਾਰਟੀ ਦਾ ਵਿਅਕਤੀ ਹੋਵੇ ਜਾਂ ਕਿਸੇ ਸੰਗਠਨ ਨਾਲ ਸਬੰਧਤ ਹੋਵੇ।
ਦੂਜੇ ਪਾਸੇ ਚੀਮਾ ਨੇ ਲੋਕਾਂ ਨੂੰ ਪੰਜਾਬ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਸੀ ਭਾਈਚਾਰਾ ਨਹੀਂ ਤੋੜਨਾ ਚਾਹੀਦਾ। ਉਹਨਾਂ ਕਿਹਾ ਕਿ ਪੰਜਾਬੀ ਪੂਰੀ ਦੁਨੀਆਂ ਵਿਚ ਅਪਣੀ ਭਾਈਚਾਰਕ ਸਾਂਝ ਲਈ ਜਾਣੇ ਜਾਂਦੇ ਹਨ। ਅਸੀਂ ਸ਼ਾਂਤੀ ਬਣਾ ਕੇ ਹੀ ਸਮਾਜ ਵਿਰੋਧੀ ਅਨਸਰਾਂ ਨੂੰ ਮੂੰਹ ਤੋੜ ਜਵਾਬ ਦੇ ਸਕਦੇ ਹਾਂ। ਉਹਨਾਂ ਕਿਹਾ ਕਿ ਪੰਜਾਬ ਸੂਬਾ ਤਾਂ ਹੀ ਅੱਗੇ ਵਧ ਸਕਦਾ ਹੈ ਜੇਕਰ ਅਸੀਂ ਸ਼ਾਂਤੀ ਬਣਾ ਕੇ ਰੱਖਾਂਗੇ।