
ਥਾਣਾ ਲਾਂਬੜਾ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਉਨ੍ਹਾਂ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ
ਲਾਂਬੜਾ - ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਗਿੱਲਾਂ ਤੋਂ ਥੋੜ੍ਹੇ ਦੇ ਰਸਤੇ ’ਚ ਦੇਰ ਰਾਤ ਨਹਿਰ ’ਤੇ ਬਣੀਆਂ ਦੋ ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ। ਥਾਣਾ ਲਾਂਬੜਾ ਦੀ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚੇ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਸੂਤਰਾਂ ਦੇ ਅਨੁਸਾਰ ਇਸ ਘਟਨਾ ਵਿਚ ਸੂਣ ਵਾਲੀ ਮੱਝ ਸਮੇਤ 2 ਪਸ਼ੂਆਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਦੇਰ ਰਾਤ ਵਾਪਰੀ, ਜਿਸ ਦੌਰਾਨ 50 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਅੱਗ ਲੱਗਣ ਤੋਂ ਤੁਰੰਤ ਬਾਅਦ ਤੇਜ਼ ਹਵਾਵਾਂ ਚੱਲਣ ਕਾਰਨ ਲਾਟਾਂ ਨੇ ਇਕ ਤੋਂ ਬਾਅਦ ਇਕ ਝੁੱਗੀ ਨੂੰ ਆਪਣੀ ਲਪੇਟ ’ਚ ਲੈ ਲਿਆ। ਪੀੜਤ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ, ਜਿਸ ਵਿਚ ਬਰਤਨ, ਪੈਸੇ, ਕਪੜੇ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਵੀ ਸਨ। ਜਾਣਕਾਰੀ ਦਿੰਦੇ ਥਾਣਾ ਲਾਂਬੜਾ ਦੇ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਉਨ੍ਹਾਂ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।