
ਕੇਸ CBI ਜਾਂ ਪੰਜਾਬ ਤੋਂ ਬਾਹਰਲੀ ਏਜੰਸੀ ਨੂੰ ਸੌਂਪਣ ਦੀ ਕੀਤੀ ਸੀ ਮੰਗ
ਨਵੀਂ ਦਿੱਲੀ : ਪੰਜਾਬ ਵਿਚ ਡਰੱਗਜ਼ ਰੈਕੇਟ ਮਾਮਲੇ ਵਿਚ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਜੋ ਕਿ ਪਿਛਲੇ ਕੁਝ ਸਮੇਂ ਤੋਂ ਚਰਚਾ ਵਿਚ ਬਣਿਆ ਹੋਇਆ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਐੱਸ. ਆਈ. ਟੀ. ਵਲੋਂ ਦਿੱਤੀ ਗਈ ਰਿਪੋਰਟ 'ਚ ਦਰਜ ਰਾਜਜੀਤ ਸਿੰਘ ਹੁੰਦਲ ਦੀ ਕਰੋੜਾਂ ਰੁਪਏ ਦੀ ਜਾਇਦਾਦ ਦੇ ਸਬੰਧ 'ਚ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਰਾਜਜੀਤ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਬਰਖਾਸਤ ਏਆਈਜੀ ਰਾਜਜੀਤ ਸਿੰਘ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ ਹੈ, ਜਿਸ ਨਾਲ ਸਾਬਕਾ ਪੁਲਿਸ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਬਰਖਾਸਤ ਪੁਲਿਸ ਅਧਿਕਾਰੀ ਨੇ ਸਿਖਰਲੀ ਕੋਰਟ ਵਿਚ ਦਾਇਰ ਵਿਸ਼ੇਸ਼ ਲੀਵ ਪਟੀਸ਼ਨ ਰਾਹੀ ਐਸਟੀਐਫ ਵਲੋਂ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਦੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਸੁਪਰੀਮ ਕੋਰਟ ਦੇ ਜਸਟਿਸ ਬੀ.ਡੀ. ਨਾਗਰਤਨਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਰਾਜਜੀਤ ਦੀਆਂ ਸਮੁੱਚੀਆਂ ਦਲੀਲਾਂ ਨੂੰ ਰੱਦ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਲਈ ਆਖਦਿਆਂ ਵਿਸ਼ੇਸ਼ ਲੀਵ ਪਟੀਸ਼ਨ ਰੱਦ ਕਰ ਦਿਤੀ।
ਜਾਣਕਾਰੀ ਅਨੁਸਾਰ ਬਰਖਾਸਤ ਪੁਲਿਸ ਅਧਿਕਾਰੀ ਨੇ ਅਪਣੀ ਵਿਸ਼ੇਸ਼ ਲੀਵ ਪਟੀਸ਼ਨ ਵਿਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਸਾਲ 2018 ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪੇਸ਼ ਕੀਤੀਆਂ ਚਾਰ ਰਿਪੋਰਟਾਂ ਨੂੰ ਇਕਤਰਫ਼ਾ ਕਰਾਰ ਦਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਸੀ। ਇਨ੍ਹਾਂ ਰਿਪੋਰਟਾਂ ਦੇ ਅਧਾਰ ’ਤੇ ਹੀ ਪੰਜਾਬ ਸਰਕਾਰ ਨੇ ਰਾਜਜੀਤ ਨੂੰ ਬਰਖਾਸਤ ਕਰ ਕੇ ਨਸ਼ਿਆ ਦੀ ਤਸਕਰੀ ਮਾਮਲੇ ਵਿਚ ਨਾਮਜ਼ਦ ਕੀਤਾ ਸੀ।