
ਭਗਵੰਤ ਮਾਨ ਸਰਕਾਰ ਅਧਿਕਾਰਤ ਕਾਲੋਨੀਆਂ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ : ਅਮਨ ਅਰੋੜਾ
ਚੰਡੀਗੜ੍ਹ, 29 ਜੁਲਾਈ (ਨਰਿੰਦਰ ਸਿੰਘ ਝਾਮਪੁਰ): ਸੂਬੇ ਦੇ ਸ਼ਹਿਰੀ ਇਲਾਕਿਆਂ ਵਿਚ ਨਾਗਰਿਕਾਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਅਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਆਹਲਾ ਦਰਜੇ ਦੀਆਂ ਸਹੂਲਤਾਂ ਯਕੀਨੀ ਬਣਾਏਗੀ |
ਅਰੋੜਾ ਨੇ ਕਿਹਾ ਕਿ ਇਸੇ ਵਚਨਬੱਧਤਾ ਤਹਿਤ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਇਸ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੀਆਂ ਵੱਖ-ਵੱਖ ਥਾਵਾਂ ਦੀ ਨਿਲਾਮੀ ਤੋਂ ਇਲਾਵਾ ਨਵੀਂ ਸਕੀਮ ਲਾਂਚ ਕਰਨ ਜਾ ਰਹੀ ਹੈ | ਅੱਜ ਪਟਿਆਲਾ ਵਿਕਾਸ ਅਥਾਰਟੀ ਦੇ ਕੰਮ ਕਾਜ ਦਾ ਜਾਇਜ਼ਾ ਲੈਂਦਿਆਂ ਅਮਨ ਅਰੋੜਾ ਨੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ 34.64 ਏਕੜ ਵਾਲੇ ਪ੍ਰਾਜੈਕਟ 'ਪੀਡੀਏ ਇਨਕਲੇਵ ਧੂਰੀ' ਦੀ ਅਸਲ ਸਥਿਤੀ ਦਾ ਮੁਲਾਂਕਣ ਵੀ ਕੀਤਾ | ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਪਟਿਆਲਾ ਵਿਕਾਸ ਅਥਾਰਟੀ ਦੇ ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਨੇ ਉਨ੍ਹਾਂ ਨੂੰ ਦਸਿਆ ਕਿ ਪੀਡੀਏ ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ 'ਤੇ ਇਸ ਦੀਆਂ ਵੱਖ-ਵੱਖ ਸਾਈਟਾਂ ਦੀ ਨਿਲਾਮੀ ਕਰੇਗੀ |
ਐਸਏਐਸ-ਨਰਿੰਦਰ-29-1ਏ