
'ਮੁੱਖ ਮੰਤਰੀ ਮਾਨ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਜ਼ਮੀਨੀ ਪੱਧਰ 'ਤੇ ਯਤਨਸ਼ੀਲ'
ਚੰਡੀਗੜ੍ਹ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਨਾਲ ਸਬੰਧਤ ਘਟਨਾ 'ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ 'ਤੇ ਘਟੀਆ ਰਾਜਨੀਤੀ ਕਰ ਰਹੀ ਹੈ ਅਤੇ ਮੀਡੀਆ ਕਵਰੇਜ ਲਈ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਸ਼ਨੀਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਇਸ ਮੁੱਦੇ 'ਤੇ ਕੀਤੀ ਜਾ ਰਹੀ ਕੋਝੀ ਰਾਜਨੀਤੀ ਉਸਤੋਂ ਵੀ ਵੱਧ ਮੰਦਭਾਗੀ ਹੈ। ਪਰ, ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ।
Malvinder Singh Kang
ਕੰਗ ਨੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਵਿਰੋਧੀ ਧਿਰ ਇਸ ਮੁੱਦੇ ਨੂੰ ਉਠਾ ਰਹੀ ਹੈ ਉਹ ਅਤਿ ਨਿੰਦਣਯੋਗ ਹੈ। ਇਹ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਵੀਸੀ ਪ੍ਰਤੀ ਝੂਠੀ ਹਮਦਰਦੀ ਦਿਖਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰੀ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਕਿਸੇ ਗਰੀਬ ਦੀ ਮੌਤ ਹੋ ਜਾਂਦੀ ਹੈ ਤਾਂ ਵਿਰੋਧੀ ਧਿਰ 'ਚੋਂ ਕੋਈ ਕਿਉਂ ਨਹੀਂ ਬੋਲਦਾ।
Malvinder Singh Kang
ਕੰਗ ਨੇ ਕਿਹਾ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਮਕਸਦ ਸਿਰਫ਼ ਇਹ ਸੀ ਕਿ ਸਰਕਾਰੀ ਹਸਪਤਾਲਾਂ ਵਿੱਚ ਹਰ ਗਰੀਬ ਅਤੇ ਲੋੜਵੰਦ ਵਿਅਕਤੀ ਨੂੰ ਬਿਹਤਰ ਅਤੇ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਸਿਹਤ ਮੰਤਰੀ ਪਿਛਲੇ ਇੱਕ ਮਹੀਨੇ ਤੋਂ ਸਿਹਤ ਵਿਵਸਥਾ ਵਿੱਚ ਸੁਧਾਰ ਲਈ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ। ਉਹ ਕਿਸੇ ਦਾ ਅਪਮਾਨ ਨਹੀਂ ਕਰਨਾ ਚਾਹੁੰਦੇ ਸੀ।
Malvinder Singh Kang
ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਜਿੱਥੇ ਜ਼ਿਆਦਾਤਰ ਗਰੀਬ ਲੋਕ ਇਲਾਜ ਲਈ ਆਉਂਦੇ ਹਨ, ਵਿੱਚ ਬੈੱਡਾਂ ਦੀ ਮਾੜੀ ਹਾਲਤ ਅਤੇ ਸਫ਼ਾਈ ਦੀ ਘਾਟ ਦੇਖ ਕੇ ਮੰਤਰੀ ਜੀ ਬਹੁਤ ਦੁਖੀ ਹੋਏ। ਬਾਅਦ ਵਿੱਚ ਸ਼ਾਮ ਨੂੰ ਮੰਤਰੀ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਸਟਾਫ਼ ਦੀਆਂ ਸ਼ਾਨਦਾਰ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ।
Malvinder Singh Kang
ਕੰਗ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਡਾਕਟਰਾਂ ਦਾ ਪੂਰਾ ਸਤਿਕਾਰ ਕਰਦੀ ਹੈ। ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਮੰਤਰੀ ਜੌੜਾਮਾਜਰਾ ਦੀ ਵਿਦਿਅਕ ਯੋਗਤਾ 'ਤੇ ਸਵਾਲ ਉਠਾਉਣ 'ਤੇ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਕੰਗ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਜਦੋਂ ਕਾਂਗਰਸ ਸਰਕਾਰ 'ਚ ਬਲਬੀਰ ਸਿੰਘ ਸਿੱਧੂ ਅਤੇ ਓਪੀ ਸੋਨੀ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਨੇ ਇਤਰਾਜ਼ ਕਿਉਂ ਨਹੀਂ ਜਤਾਇਆ।
ਇਸ ਬੇਬੁਨਿਆਦ ਗੱਲਾਂ ਰਾਹੀਂ ਵਿਰੋਧੀ ਧਿਰ ਮਾਨ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰ ਰਹੀ ਹੈ। ਅਸਲ ਵਿੱਚ ਪੰਜਾਬ ਵਿੱਚ ਹੁਣ ਇੱਕ ਅਸਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਹੁਣ ਮਹਿਲਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਨਹੀਂ ਰਹੇ, ਸਗੋਂ ਖੁਦ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਦੇ ਵੀ ਗੰਭੀਰ ਨਹੀਂ ਹੋਏ। ਉਹ ਆਪਣੀ ਆਲੀਸ਼ਾਨ ਜੀਵਨ ਸ਼ੈਲੀ ਵਿਚ ਰੁੱਝੇ ਰਹੇ ਅਤੇ ਲੋਕਾਂ ਦੇ ਟੈਕਸ ਦੇ ਕਰੋੜਾਂ ਰੁਪਏ ਬਰਬਾਦ ਕਰਦੇ ਰਹੇ। ਪਰ ਸੂਬੇ ਦਾ ਮਾਲੀਆ ਵਧਾਉਣ ਲਈ 'ਆਪ' ਸਰਕਾਰ ਨੇ 9053 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ। ਇਨ੍ਹਾਂ ਜ਼ਮੀਨਾਂ 'ਤੇ ਸਿਆਸਤਦਾਨਾਂ ਦੀ ਸਰਪ੍ਰਸਤੀ ਹੇਠ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ।