
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੇ ਪੱਤਰ ਲਿਖ ਹਰਿਆਣਾ ਨੂੰ ਵਾਧੂ ਪਾਣੀ ਲੈਣ ਦੀ ਕੀਤੀ ਸੀ ਪੇਸ਼ਕਸ਼
Haryana government news : ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਲੈਣ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਸਬੰਧੀ ਲੰਘੇ ਦਿਨੀਂ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖਿਆ ਗਿਆ ਸੀ। ਜਿਸ ਦਾ ਜਵਾਬ ਦਿੰਦੇ ਹੋਏ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਵਾਧੂ ਪਾਣੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ। ਬਲਕਿ ਉਨ੍ਹਾਂ ਆਪਣੇ ਪਾਣੀ ਦੇ ਬਣਦੇ ਕੋਟੇ ’ਚੋਂ ਵੀ ਕਟੌਤੀ ਕਰਨ ਲਈ ਆਖਿਆ ਹੈ।
ਹਰਿਆਣਾ ਨੂੰ ਇਸ ਸਮੇਂ 7900 ਕਿਊਸਿਕ ਪਾਣੀ ਜਾ ਰਿਹਾ ਹੈ, ਜਿਸ ਨੂੰ ਹਰਿਆਣਾ ਨੇ ਘਟਾ ਕੇ 6250 ਕਿਊਸਿਕ ਕਰਨ ਲਈ ਆਖਿਆ ਹੈ। ਜਦਕਿ ਇਸ ਤੋਂ ਪਹਿਲਾਂ ਹਰਿਆਣਾ ਵੱਲੋਂ ਅਕਸਰ ਹੀ ਪੰਜਾਬ ਤੋਂ ਵਾਧੂ ਪਾਣੀ ਦੇਣ ਦੀ ਮੰਗ ਕੀਤੀ ਜਾਂਦੀ ਹੈ ਅਤੇ ਇਹ ਮਾਮਲਾ ਮਾਨਯੋਗ ਅਦਾਲਤਾਂ ਅਤੇ ਕੇਂਦਰ ਸਰਕਾਰ ਦੀ ਨਜ਼ਰ ਵਿਚ ਵੀ ਹੈ। ਹੁਣ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਹਰਿਆਣਾ ਅਤੇ ਰਾਜਸਥਾਨ ਦੋਵੇਂ ਸੂਬਿਆਂ ਨੇ ਵਾਧੂ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਲੰਘੇ ਦਿਨੀਂ ਇਕ ਬਿਆਨ ਦਿੱਤਾ ਗਿਆ ਸੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਮਦਦ ਕਰਨ ਲਈ ਹਰਿਆਣਾ ਹਰ ਸਮੇਂ ਤਿਆਰ ਹੈ।