
Kapurthala News: ਚਾਰਾ ਕੱਟਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ
Farmer dies due to electrocution in Kapurthala: ਕਪੂਰਥਲਾ ਦੇ ਪਿੰਡ ਲੱਖਣ ਕਲਾਂ ਵਿੱਚ ਅੱਜ ਖੇਤਾਂ ਵਿੱਚ ਕੰਮ ਕਰਦੇ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸਾਬੀ (50 ਸਾਲ) ਪੁੱਤਰ ਅਰਜੁਨ ਸਿੰਘ ਵਾਸੀ ਪੱਤੀ ਖਿਜ਼ਰਪੁਰ ਪਿੰਡ ਲੱਖਣ ਕਲਾਂ ਵਜੋਂ ਹੋਈ ਹੈ।
ਥਾਣਾ ਸਦਰ ਦੀ ਐਸਐਚਓ ਸੋਨਮਦੀਪ ਕੌਰ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 9:30 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਲੱਖਣ ਕਲਾਂ ਦੇ ਖੇਤਾਂ ਵਿੱਚ ਚਾਰਾ ਕੱਟ ਰਹੇ ਸਾਬੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਏ.ਐਸ.ਆਈ ਨਿਰਵੈਰ ਸਿੰਘ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਤ ਸਮੇਂ ਸਾਬੀ ਦੇ ਖੇਤਾਂ ਵਿਚ ਇਕ ਖੰਭੇ ’ਤੇ ਲੱਗੀ ਤਾਰ ਟੁੱਟ ਗਈ ਸੀ। ਸੋਮਵਾਰ ਸਵੇਰੇ ਜਦੋਂ ਸਾਬੀ ਖੇਤਾਂ ਵਿੱਚ ਚਾਰਾ ਕੱਟ ਰਿਹਾ ਸੀ ਤਾਂ ਉਸ ਦੀ ਲਪੇਟ ਵਿੱਚ ਆ ਗਿਆ। ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਸਾਬੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਐਸਐਚਓ ਸੋਨਮਦੀਪ ਕੌਰ ਨੇ ਇਹ ਵੀ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਬਿਆਨ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।