
ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।
ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਿਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ 'ਤੇ ਹੀ ਉਸਦੇ ਕਬਜ਼ੇ 'ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ 'ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ 'ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ।
ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।
ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।