
ਕਾਰ ਸਮੇਤ ਪੰਜ ਪੁਲਿਸ ਦੀਆਂ ਵਰਦੀਆਂ ਕੀਤੀਆਂ ਬਰਾਮਦ
ਮੋਗਾ : ਮੋਗਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਅਜੀਤਵਾਲ ’ਚ ਨਕਲੀ ਪੁਲਿਸ ਵਾਲੇ ਬਣ ਕੇ ਲੋਕਾਂ ਤੋਂ ਵਸੂਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਛੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਪਹਿਚਾਣ ਰਵੀ ਸਿੰਘ, ਚੰਦਨ ਸਿੰਘ, ਗੁਰਵਿੰਦਰ ਸਿੰਘ, ਧੀਰਾ ਸਿੰਘ ਵਜੋਂ ਹੋਈ ਹੈ। ਜਦਕਿ ਦੋ ਆਰੋਪੀਆਂ ਦਰਸ਼ਨ ਸਿੰਘ ਅਤੇ ਸਤਨਾਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦਾ ਸਬੰਧ ਮੋਗਾ ਜ਼ਿਲ੍ਹੇ ਨਾਲ ਦੱਸਿਆ ਜਾ ਰਿਹਾ ਹੈ।
ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਰਸ਼ਨ ਸਿੰਘ ਇਨ੍ਹਾਂ ਦਾ ਮੁੱਖ ਸਰਗਣਾ ਹੈ ਅਤੇ ਉਸ ’ਤੇ ਪਹਿਲਾਂ ਵੀ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੇ ਤਹਿਤ ਕਈ ਮਾਮਲੇ ਦਰਜ ਹਨ। ਫਰਾਰ ਆਰੋਪੀਆਂ ਦੀ ਗ੍ਰਿਫ਼ਤਾਰੀ ਦੇ ਲਈ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਆਰੋਪੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਜਾਵੇਗੀ। ਐਸਪੀਡੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਤੋਂ ਵਸੂਲੀ ਹੋਈ ਤਾਂ ਉਹ ਪੁਲਿਸ ਦੇ ਨਾਲ ਜਾਣਕਾਰੀ ਸਾਂਝੀ ਕਰਨ ਤਾਂ ਜੋ ਆਰੋਪੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕੇ।