
500 ਡਾਕਟਰਾਂ ਤੇ ਹੋਰ ਸਟਾਫ਼ ਦੀ ਜਲਦ ਹੋਵੇਗੀ ਨਿਯੁਕਤੀ : ਵਿਨੀ ਮਹਾਜਨ
ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਵਲੋਂ ਰਾਜ 'ਚ ਨਵੇਂ ਉਦਯੋਗਾਂ ਦੀ ਸਥਾਪਤੀ, ਉਦਯੋਗੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਪਿਛਲੇ 3 ਸਾਲਾਂ ਵਿਚ ਰਾਜ ਅੰਦਰ ਉਦਯੋਗਿਕ ਖੇਤਰ 'ਚ 65 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸੂਬੇ ਦੀ ਆਰਥਕਤਾ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ਹੋਵੇਗੀ। ਇਹ ਪ੍ਰਗਟਾਵਾ ਮੁੱਖ ਸਕੱਤਰ ਪੰਜਾਬ ਮੈਡਮ ਵਿਨੀ ਮਹਾਜਨ ਨੇ ਫ਼ਿਰੋਜ਼ਪੁਰ ਵਿਖੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਗੇ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ 500 ਡਾਕਟਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਟਾਫ ਨਰਸਾਂ, ਲੈਬ ਅਟੈਂਡਟ ਸਮੇਤ ਹੋਰ ਸਟਾਫ ਦੀ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਆਉਣ ਵਾਲੇ ਕੁਝ ਦਿਲਾਂ ਵਿਚ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ, ਇਸ ਤਰ੍ਹਾਂ ਕਰਨ ਨਾਲ ਸੂਬੇ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਕੋਲੇ ਦੀ ਕਮੀ ਆ ਰਹੀ ਹੈ ਜਿਸ ਕਾਰਨ ਸੂਬੇ ਅੰਦਰ ਬਿਜਲੀ ਉਤਪਾਦਨ ਵਿਚ ਦਿੱਕਤ ਆ ਰਹੀ ਹੈ।