ਹੁਣ ਮੁਕਤਸਰ ਦੇ ਗੁਰਦੁਆਰਾ ਸਾਹਿਬ ਵਿੱਚ ਨਿਭਾਉਣਗੇ ਸੇਵਾ
ਅੰਮ੍ਰਿਤਸਰ: 2 ਦਸੰਬਰ ਦੇ ਫੈਂਸਲਿਆਂ ਦੌਰਾਨ ਪੰਜ ਸਿੰਘ ਸਾਹਿਬਾਨ ਵਿਚ ਸ਼ਾਮਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਸਿਰ ਜੋੜ ਕੇ ਬੈਠਣ ਅਤੇ ਹਸ-ਹਸ ਕੇ ਗੱਲਬਾਤ ਕਰਨ ਦੀ ਵਾਈਰਲ ਵੀਡੀਓ ਤੋਂ ਬਾਅਦ ਗਿਆਨੀ ਸੁਲਤਾਨ ਸਿੰਘ ਨੂੰ ਇਸ ਦਾ ਖਮਿਆਜਾ ਭੁਗਤਨਾ ਪਿਆ ਹੈ।
ਸ਼੍ਰੋਮਣੀ ਕਮੇਟੀ ਨੇ ਵੀਡੀਓ ਵਾਈਰਲ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੂੰ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਊਟੀ ਲਗਾ ਕੇ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਇਹ ਡਿਊਟੀ ਅਗਲੇ ਹੁਕਮਾ ਤੱਕ ਲਗਾਈ ਹੈ, ਭਾਵ ਕਿ ਗਿਆਨੀ ਸੁਲਤਾਨ ਸਿੰਘ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵੱਜੋਂ ਨਹੀਂ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਂਣਗੇ। ਦਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬੀਤੇ ਦਿਨੀਂ ਅੰਮ੍ਰਿਤਸਰ ਵਿਚ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦੂਸਰੀ ਵਾਰ ਹੋਈ ਦਸਤਾਰਬੰਦੀ ਨੂੰ ਲੈ ਕੇ ਕਈ ਤਰਾਂ ਦੀਆਂ ਟਿਪਣੀਆਂ ਕੀਤੀਆਂ ਸਨ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੰਜ ਕੱਸਣ ਅਤੇ ਇਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਗੌੜਾ ਕਹਿਣ ਵਰਗੇ ਕਈ ਤਰਾਂ ਨਾਲ ਪੰਥਕ ਸਟੇਜਾਂ ਤੋਂ ਇਨ੍ਹਾਂ ਦੀ ਬਦਨਾਮੀ ਕਰਨ ਕਾਰਨ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਦੂਰੀ ਬਣਾਈ ਹੈ। ਗਿਆਨੀ ਸੁਲਤਾਨ ਸਿੰਘ ਦੀ ਨੇੜਤਾ ਹੀ ਉਨ੍ਹਾਂ ਦੀ ਬਦਲੀ ਦਾ ਕਰਨ ਬਣਨ ਦੀ ਸ਼੍ਰੋਮਣੀ ਕਮੇਟੀ ਗਲਿਆਰੇ ਵਿਚ ਚਰਚਾ ਹੈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਓਐਡੀ ਸਤਬੀਰ ਸਿੰਘ ਨੇ ਕਿਹਾ ਕਿ ਗਿਆਨੀ ਸੁਲਤਾਨ ਸਿੰਘ ਦੀ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਗਲੇ ਹੁਕਮਾਂ ਤੱਕ ਡਿਊਟੀ ਲਗਾਈ ਗਈ ਹੈ। ਜਿਸ ਦਾ ਕਾਰਨ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ਵਿਚ ਅਸਾਮ ਤੋਂ ਸ਼ੁਰੂ ਸ਼ਹੀਦੀ ਨਗਰ ਕੀਰਤਨ ਕਾਰਨ ਲਗਾਈ ਗਈ ਹੈ।
