ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ, ਜਾਇਜ਼ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ।
ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ਸਮੀਖਿਆ ਕੀਤੀ ਅਤੇ ਜਥੇਬੰਦੀਆਂ ਦੇ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰਾਂ ਨੂੰ ਹੋਰ ਉੱਚਾ ਚੁੱਕਣ ਲਈ ਹੋਰ ਸਮਰਪਣ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਦਾ ਹੱਲ ਜਾਂ ਤਾਂ ਅੰਤਿਮ ਪੜਾਅ 'ਤੇ ਹੈ ਜਾਂ ਇੰਨ੍ਹਾਂ 'ਤੇ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਯੂਨੀਅਨ ਵੱਲੋਂ ਉਠਾਈਆਂ ਗਈਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ, ਵਿੱਤ ਮੰਤਰੀ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਜਾਇਜ਼ ਮੰਗਾਂ ਨਾਲ ਜੁੜੀਆਂ ਵਿੱਤੀ ਜ਼ਿੰਮੇਵਾਰੀਆਂ ਨੂੰ ਵਿੱਤ ਵਿਭਾਗ ਨਾਲ ਸਾਂਝਾ ਕਰੇ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਜ਼ਰੂਰੀ ਕਾਰਵਾਈ ਬਾਰੇ ਫੈਸਲਾ ਲਿਆ ਜਾ ਸਕੇ।
ਇੱਕ ਵੱਖਰੀ ਮੀਟਿੰਗ ਵਿੱਚ, ਵਿੱਤ ਮੰਤਰੀ ਚੀਮਾ ਨੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵੀ ਇੱਕ ਸਾਰਥਕ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਖਾਵੇਂ ਢੰਗ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਇਨ੍ਹਾਂ ਮੀਟਿੰਗਾਂ ਦੌਰਾਨ ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਵਿਸ਼ੇਸ਼ ਸਕੱਤਰ (ਵਿੱਤ) ਅਜੈ ਅਰੋੜਾ ਨੇ ਵਿੱਤ ਮੰਤਰੀ ਨੂੰ ਜਥੇਬੰਦੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਦੀ ਆਪਣੇ ਸਬੰਧਤ ਵਿਭਾਗ ਦੀ ਸਥਿਤੀ ਬਾਰੇ ਜਾਣੂ ਕਰਵਾਇਆ।
ਮੀਟਿੰਗ ਦੌਰਾਨ ਸਪੈਸ਼ਲ ਕਾਡਰ ਅਧਿਆਪਕ ਫਰੰਟ ਤੋਂ ਵੀਰਪਾਲ ਕੌਰ ਸਿਧਾਣਾ, ਮਨਪ੍ਰੀਤ ਸਿੰਘ ਮੋਗਾ, ਪਰਮਜੀਤ ਕੌਰ ਪੱਖੋਵਾਲ; ਕੰਪਿਊਟਰ ਅਧਿਆਪਕ ਯੂਨੀਅਨ ਤੋਂ ਗੁਰਵਿੰਦਰ ਸਿੰਘ, ਰਾਖੀ ਮਨਨ, ਹਰਪ੍ਰੀਤ ਸਿੰਘ; ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ; ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਤੋਂ ਜਸਵੰਤ ਘੁਬਾਇਆ, ਹਰਦੀਪ ਸਿੰਘ, ਸੰਦੀਪ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਤੋਂ ਸੁਨੀਲ ਕੁਮਾਰ, ਸਲਵਿੰਦਰ ਸਿੰਘ, ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਤੋਂ ਕਮਲ ਠਾਕੁਰ, ਸੋਹਨ ਸਿੰਘ ਅਤੇ ਗੁਰਮੁੱਖ ਸਿੰਘ, ਅਤੇ ਆਲ ਪੰਜਾਬ ਡੀ.ਐੱਸ.ਟੀ./ਸੀ.ਟੀ.ਐੱਫ. ਕੰਟਰੈਕਟ ਵਰਕਰਜ਼ ਯੂਨੀਅਨ ਤੋਂ ਸੰਦੀਪ ਸਿੰਘ, ਕਿਰਨਦੀਪ ਸਿੰਘ ਅਤੇ ਪ੍ਰਦੀਪ ਸਿੰਘ ਨੇ ਆਪਣੇ ਮੁੱਦੇ ਉਠਾਏ।
