
ਕਿਸਾਨਾਂ ਵਲੋਂ ਗੱਲਬਾਤ ਦੇ ਸੱਦੇ ਨੂੰ ਟਾਲਣਾ ਮੰਦਭਾਗਾ : ਅਸ਼ਵਨੀ ਸ਼ਰਮਾ
ਚੰਡੀਗੜ੍ਹ, 29 ਨਵੰਬਰ (ਨੀਲ ਭਲਿੰਦਰ ਸਿੰਘ): ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕਿਸਾਨ ਨੇਤਾਵਾਂ ਨੂੰ ਗੱਲਬਾਤ ਲਈ ਦਿਤੇ ਸੱਦੇ ਨੂੰ ਰੱਦ ਕਰਨਾ ਬਹੁਤ ਮੰਦਭਾਗਾ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ 3 ਦਸੰਬਰ ਨੂੰ ਹੋਣ ਵਾਲੀ ਗੱਲਬਾਤ ਨੂੰ ਮੁੜ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਸੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਚਿੰਤਤ ਹੈ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹੈ, ਪਰ ਬਦਕਿਸਮਤੀ ਨਾਲ ਕਿਸਾਨ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਇਸ ਪ੍ਰਸਤਾਵ ਨੂੰ ਟਾਲ ਦਿਤਾ ਹੈ। ਅਸ਼ਵਨੀ ਸ਼ਰਮਾ ਨੇ ਉਮੀਦ ਜਤਾਈ ਕਿ ਕਿਸਾਨ ਆਗੂ ਦੁਬਾਰਾ ਅਪਣੇ ਫ਼ੈਸਲੇ ਦੀ ਸਮੀਖਿਆ ਕਰਨਗੇ ਅਤੇ ਗੱਲਬਾਤ ਲਈ ਟੇਬਲ ਉਤੇ ਆਉਣ ਲਈ ਅਪਣੀ ਸਹਿਮਤੀ ਦੇਣਗੇ।