
ਸੁਖਬੀਰ ਬਾਦਲ ਦੁਆਰਾ ਕੀਤੇ ਗ਼ਲਤ ਬਿਜਲੀ ਸਮਝੌਤਿਆਂ ਬਾਰੇ ਹੁਣ ਤਕ ਵਾਈਟ ਪੇਪਰ ਕਿਉਂ ਨਹੀਂ ਪੇਸ਼ ਕਰ ਸਕੇ ਕੈਪਟਨ- ਕੁਲਤਾਰ ਸੰਧਵਾਂ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿਛਲੀ ਅਕਾਲੀ ਸਰਕਾਰ ਦੇ ਦੌਰਾਨ ਪੰਜਾਬ ਵਿੱਚ ਸਥਾਪਿਤ ਹੋਏ ਕਾਰਪੋਰੇਟ ਘਰਾਣਿਆਂ ਦੇ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਵਧੇ ਕਾਰੋਬਾਰ ਦਾ ਖੁਲਾਸਾ ਹੋਣ ਉੱਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਸੁਖਬੀਰ ਬਾਦਲ ਵਾਂਗੂੰ 'ਟੀਮ ਮੋਦੀ' ਦਾ ਹੀ ਹਿੱਸਾ ਹਨ ਜੋ ਕਿ ਪੰਜਾਬ ਵਿਚੋਂ ਸਰਕਾਰੀ ਅਤੇ ਸਹਿਕਾਰੀ ਸਿਸਟਮ ਨੂੰ ਖਤਮ ਕਰਕੇ ਵੱਡੇ ਘਰਾਣਿਆਂ ਨੂੰ ਸਥਾਪਿਤ ਕਰਨ ਦਾ ਯਤਨ ਕਰ ਰਹੇ ਹਨ।
Punjab CM
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਹੁਤ ਹੀ ਮੰਦਭਾਗਾ ਹੈ ਕਿ ਖੇਤੀ ਪ੍ਰਧਾਨ ਸੂਬੇ ਦਾ ਮੁੱਖ ਮੰਤਰੀ ਕਿਸਾਨਾਂ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਵਿਚੋਲਿਆ ਵਜੋਂ ਕੰਮ ਕਰ ਰਹੇ ਹਨ।
Kultar Singh Sandhwan
ਉਨ੍ਹਾਂ ਕਿਹਾ ਕਿ ਮੀਡੀਆ ਵਿਚ ਹੋਏ ਖ਼ੁਲਾਸੇ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅਡਾਨੀ ਗਰੁੱਪ ਨੂੰ ਸੂਬੇ ਵਿੱਚ ਸਥਾਪਿਤ ਕਰਨ ਲਈ ਆਪਣਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਅਤੇ ਇਸੇ ਦੇ ਤਹਿਤ ਹੀ ਸਰਕਾਰ ਮਾਨਸਾ ਵਿੱਚ ਅਡਾਨੀ ਗਰੁੱਪ ਦੇ ਚੱਲ ਰਹੇ ਦੋ ਸੋਲਰ ਪ੍ਰਾਜੈਕਟਾਂ ਤੋਂ ਮਾਰਕੀਟ ਨਾਲੋਂ ਕਿਤੇ ਵੱਧ ਰੇਟਾਂ ਤੇ ਬਿਜਲੀ ਖ਼ਰੀਦ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਦੌਰਾਨ ਹੋਏ ਇਨ੍ਹਾਂ ਸਮਝੌਤਿਆਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਦੀ ਕੋਈ ਕਾਰਵਾਈ ਕਰਨ ਦਾ ਹੀਲਾ ਨਹੀਂ ਕੀਤਾ ਹੈ।
Sukhbir badal
ਸੂਬੇ ਦੀ ਕਾਂਗਰਸ ਸਰਕਾਰ ਨੇ ਬਾਦਲ ਦਲ ਦੇ ਨਕਸ਼ੇ ਕਦਮ ਉੱਤੇ ਚੱਲਦੇ ਹੋਏ ਹੀ ਸੂਬੇ ਵਿੱਚ ਸਰਕਾਰੀ ਪਾਵਰ ਪਲਾਂਟਾਂ ਨੂੰ ਬੰਦ ਕਰਕੇ ਨਿੱਜੀ ਘਰਾਣਿਆਂ ਦੇ ਪ੍ਰੋਜੈਕਟਾਂ ਤੋਂ ਮਹਿੰਗੀ ਬਿਜਲੀ ਖ਼ਰੀਦਣ ਦੇ ਕਾਰਜ ਨੂੰ ਜਿਉਂ ਦਾ ਤਿਉਂ ਜਾਰੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਦਾ ਜੁਆਬ ਦੇਣ ਕਿ ਕਿਉਂ ਅਡਾਨੀ ਗਰੁੱਪ ਦੀਆਂ 2017 ਵਿਚ ਇੱਕੋ ਦਮ ਹੀ 6 ਕੰਪਨੀਆਂ ਪੰਜਾਬ ਵਿੱਚ ਉੱਭਰ ਆਈਆਂ ਸਨ ਅਤੇ ਕਰੋਨਾ ਤੋਂ ਕੁੱਝ ਸਮਾਂ ਪਹਿਲਾਂ ਹੀ ਅਡਾਨੀ ਗਰੁੱਪ ਦੀ ਕੰਪਨੀ ਹੋਰ ਜਿਸ ਦਾ ਪਤਾ ਅਡਾਨੀ ਹਾਊਸ ਅਹਿਮਦਾਬਾਦ ਦਾ ਹੈ ਕਿਉਂ ਉੱਭਰੀ।
Mukesh Ambani
ਉਨ੍ਹਾਂ ਕਿਹਾ ਕਿ ਅਸਲ ਵਿੱਚ ਅਕਾਲੀ ਅਤੇ ਕਾਂਗਰਸੀ ਦੋਵੇਂ ਹੀ ਆਪਣੇ ਨਿੱਜੀ ਫ਼ਾਇਦੇ ਲਈ ਪੰਜਾਬ ਨੂੰ ਅੰਡਾਨੀਆਂ ਅੰਬਾਨੀਆਂ ਨੂੰ ਵੇਚਣ ਲਈ ਤਰਲੋ ਮੱਛੀ ਹੋ ਰਹੇ ਹਨ। 'ਆਪ' ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਬਾਦਲਾਂ ਵਾਂਗ ਪੰਜਾਬ ਦੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਪਹਿਲਾਂ ਤਾਂ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਵਾਲੇ ਕਾਲੇ ਕਾਨੂੰਨਾਂ ਦੀ ਸਹਿਮਤੀ ਦਿੱਤੀ ਅਤੇ ਹੁਣ ਕਿਸਾਨ ਹਮਾਇਤੀ ਹੋਣ ਦਾ ਢੌਂਗ ਕਰ ਰਹੇ ਹਨ।
Capt. Amarinder Singh, Sukhbir Badal, Bhagwant Mann
ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੋਵੇਂ ਹੀ ਇੱਕੋ ਸਿੱਕੇ ਦੇ ਪਹਿਲੂ ਹਨ। ਦੋਵੇਂ ਮਿਲ ਕੇ ਪੰਜਾਬ ਦੇ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਨੂੰ ਦੇਣਾ ਚਾਹੁੰਦੇ ਹੈ। 'ਆਪ' ਆਗੂ ਨੇ ਕਿਹਾ ਕਿ ਸੁਖਬੀਰ ਅਤੇ ਕੈਪਟਨ ਅਮਰਿੰਦਰ ਦੀਆਂ ਗ਼ਲਤ ਨੀਤੀਆਂ ਕਰਕੇ ਹੀ ਅੱਜ ਪੰਜਾਬ ਦਾ ਕਿਸਾਨ, ਕਿਰਤੀ ਤੇ ਇਨਸਾਫ਼ ਪਸੰਦ ਲੋਕ ਕੜਾਕੇ ਦੀ ਠੰਢ ਵਿੱਚ ਦਿੱਲੀ ਦੀ ਸਰਹੱਦ ਉੱਤੇ ਦਿਨ ਰਾਤ ਆਪਣੇ ਪਰਿਵਾਰਾਂ ਸਮੇਤ ਅੰਦੋਲਨ ਕਰ ਰਹੇ ਹਨ। ਵਾਰੀ ਵਾਰੀ ਸੱਤਾ ਉੱਤੇ ਕਬਜ਼ੇ ਰਹਿੰਦੇ ਹੋਏ ਕਿਸਾਨਾਂ ਨਾਲ ਗ਼ੱਦਾਰੀ ਕਰਦੇ ਰਹੇ ਹੁਣ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਚਾਲਾਂ ਚੱਲ ਰਹੇ ਹਨ।
Kultar Sandhwa
ਉਨ੍ਹਾਂ ਕਿਹਾ ਕਿ ਕੈਪਟਨ ਅਤੇ ਸੁਖਬੀਰ ਲੋਕਾਂ ਨਾਲ ਕੀਤੇ ਗਈ ਗ਼ੱਦਾਰੀ ਦੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ। ਆਗੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤੇ ਕੰਮ ਹੁਣ ਜਨਤਕ ਹੋਣ ਲੱਗੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਹੁਣ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਸਤੇ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਕਿਸੇ ਹੱਦ ਤੱਕ ਵੀ ਹੇਠਾਂ ਡਿਗ ਸਕਦੇ ਹਨ, ਇਨ੍ਹਾਂ ਦੀਆਂ ਚਾਲਾਂ ਤੋਂ ਚੌਕਸ ਰਹਿਣ।