
ਸੂਤਰਾਂ ਮੁਤਾਬਕ ਭਲ਼ਕੇ ਹੋ ਸਕਦਾ ਹੈ ਨੋਟੀਫਿਕੇਸ਼ਨ ਜਾਰੀ
Punjab School Winter Vacation: ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਖੁਸ਼ੀ ਦੀ ਖ਼ਬਰ ਹੈ ਕਿਉਂਕਿ ਉਹਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਅਪਡੇਟ ਨਹੀਂ ਆਈ ਹੈ ਪਰ ਨਾਲ ਹੀ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਛੁੱਟੀਆਂ ਵਧਣ ਦਾ ਨੋਟੀਫਿਕੇਸ਼ਨ ਭਲਕੇ ਜਾਰੀ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਮੌਸਮ ਵਿਭਾਗ ਵਲੋਂ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਚਿੰਤਾ 'ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।
ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਅਤੇ ਹਰਿਆਣਾ ’ਚ ਸਨਿਚਰਵਾਰ ਨੂੰ ਸੰਘਣੀ ਧੁੰਦ ਰਹੀ ਜਦਕਿ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਧੁੰਦ ਕਾਰਨ ਸਵੇਰੇ ਜ਼ਿਆਦਾਤਰ ਇਲਾਕਿਆਂ ’ਚ ਦ੍ਰਿਸ਼ਤਾ ਘੱਟ ਸੀ। ਪਿਛਲੇ ਕਈ ਦਿਨਾਂ ਤੋਂ ਦੋਹਾਂ ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਸੰਘਣੀ ਧੁੰਦ ਛਾਈ ਹੋਈ ਹੈ।
ਹਾਲਾਂਕਿ, ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਿਹਾ। ਪੰਜਾਬ ਦੇ ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ, ਪਟਿਆਲਾ ’ਚ 8.9 ਡਿਗਰੀ ਸੈਲਸੀਅਸ ਅਤੇ ਲੁਧਿਆਣਾ ’ਚ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਅਤੇ ਫਰੀਦਕੋਟ ’ਚ ਤਾਪਮਾਨ 8 ਡਿਗਰੀ ਸੈਲਸੀਅਸ ਨੂੰ ਛੂਹ ਗਿਆ। ਹਰਿਆਣਾ ਦੇ ਹਿਸਾਰ ’ਚ ਤਾਪਮਾਨ 7.7 ਡਿਗਰੀ ਸੈਲਸੀਅਸ, ਅੰਬਾਲਾ ’ਚ 9.1 ਡਿਗਰੀ ਸੈਲਸੀਅਸ, ਸਿਰਸਾ ’ਚ 9.2 ਡਿਗਰੀ ਸੈਲਸੀਅਸ, ਕਰਨਾਲ ’ਚ 9.6 ਡਿਗਰੀ ਸੈਲਸੀਅਸ ਅਤੇ ਰੋਹਤਕ ’ਚ 10.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
(For more news apart from Punjab School Winter Vacation, stay tuned to Rozana Spokesman)