
ਕੀ ਪੰਜਾਬ 'ਚ ਸਿਆਸਤਦਾਨਾਂ ਤੇ ਨਸ਼ਾ ਤਸਕਰਾਂ ਦਾ ਗਠਜੋੜ ਹੋਣ ਦੀ ਉਪ ਮੁੱਖ ਮੰਤਰੀ ਨੇ ਕੀਤੀ ਪ੍ਰੋੜਤਾ? : ਚੀਮਾ
ਚੰਡੀਗੜ੍ਹ, 30 ਜਨਵਰੀ (ਪ.ਪ.) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਉਪ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਉਸ ਬਿਆਨ ਦਾ ਸਵਾਗਤ ਕੀਤਾ ਜਿਸ ਵਿਚ ਰੰਧਾਵਾ ਨੇ ਕਬੂਲ ਕੀਤਾ ਕਿ ਪੰਜਾਬ ਵਿਚ ਸਿਆਸਤਦਾਨਾਂ ਅਤੇ ਨਸ਼ਾ ਸਮਗਲਰਾਂ ਦਾ ਗਠਜੋੜ ਕੰਮ ਕਰ ਰਿਹਾ ਹੈ |
ਚੀਮਾ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਪੰਜਾਬ ਦੇ ਮਾਮਲਿਆਂ ਦੀ ਚਿੰਤਾ ਕਰਨੀ ਛੱਡ ਦੇਣ, ਕਿਉਂਕਿ ਪੰਜਾਬ ਦੇ ਲੋਕਾਂ ਨਸ਼ਾ ਮਾਫ਼ੀਆ ਸਮੇਤ ਸਾਰੇ ਮਾਮਲਿਆਂ ਦਾ ਹੱਲ ਕਰਨ ਲਈ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਸੌਂਪਣ ਦਾ ਫ਼ੈਸਲਾ ਕਰ ਲਿਆ ਹੈ |
ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਆਮ ਆਦਮੀ ਪਾਰਟੀ ਲੰਮੇ ਸਮੇਂ ਤੋਂ ਦੋਸ਼ ਲਾਉਂਦੀ ਰਹੀ ਹੈ ਕਿ ਪੰਜਾਬ 'ਤੇ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂਆਂ ਦਾ ਨਸ਼ਾ ਤਸਕਰਾਂ ਨਾਲ ਆਪਸੀ ਗਠਜੋੜ ਹੈ ਅਤੇ ਸਰਕਾਰ ਵਿਚ ਬੈਠੇ ਮੰਤਰੀ, ਵਿਧਾਇਕ ਅਤੇ ਸੰਤਰੀ ਨਸ਼ਾ ਤਸਕਰਾਂ ਨੂੰ ਸੁਰੱਖਿਆ ਅਤੇ ਹੱਲਾਸ਼ੇਰੀ ਦੇ ਰਹੇ ਹਨ | ਇਸ ਕਰ ਕੇ ਪੰਜਾਬ ਵਿਚ ਨਸ਼ਿਆਂ ਦਾ ਜਾਲ ਫੈਲਦਾ ਜਾ ਰਿਹਾ ਹੈ ਅਤੇ ਹਰ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ |''
ਚੀਮਾ ਨੇ ਕਿਹਾ ਕਿ ਸੂਬੇ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਿਆਸਦਾਨਾਂ ਦੇ ਨਸ਼ਾ ਸਮੱਗਲਰਾਂ ਨਾਲ ਗੱਠਜੋੜ ਹੋਣ ਦੀ ਗੱਲ ਸਵੀਕਾਰ ਕਰਨਾ ਆਮ ਆਦਮੀ ਪਾਰਟੀ ਦੇ ਦੋਸ਼ਾਂ ਦੀ ਪ੍ਰੋੜਤਾ ਕਰਦਾ ਹੈ | ਇਸ ਸਿਆਸੀ ਆਗੂ ਤੇ ਨਸ਼ਾ ਤਸਕਰਾਂ ਦੇ ਗਠਜੋੜ ਕਾਰਨ ਪੰਜਾਬ ਦੇ ਲੱਖਾਂ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਗਏ | ਲੱਖਾਂ ਘਰ ਉਜੜ ਗਏ | ਲੱਖਾਂ ਔਰਤਾਂ ਦੇ ਸਿਰ ਦੇ ਸਾਂਈ ਕਬਰੀਂ ਜਾ ਪਏ ਅਤੇ ਲੱਖਾਂ ਬੱਚਿਆਂ ਦੇ ਸਿਰਾਂ ਤੋਂ ਪਿਉ ਦਾ ਸਾਇਆ ਉਠ ਗਿਆ |
ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਸਿਆਸਤਦਾਨਾਂ ਤੇ ਨਸ਼ਾ ਤਸਕਰਾਂ ਦੇ ਗਠਜੋੜ ਲਈ ਕਾਂਗਰਸ ਸਰਕਾਰ, ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਸਰਕਾਰ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ | ਇਨ੍ਹਾਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੇ ਸੂਬੇ ਵਿਚ ਰਾਜ ਕੀਤਾ ਅਤੇ ਹਰ ਤਰ੍ਹਾਂ ਦੇ ਮਾਫ਼ੀਆ ਦੀ ਸਰਪ੍ਰਸਤੀ ਕੀਤੀ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਪੰਜਾਬ ਵਿਚ ਨਸ਼ਾ ਤਸਕਰਾਂ ਨੇ ਪੈਰ ਪਸਾਰੇ ਹੋਏ ਹਨ, ਪਰ ਨਾ ਅਕਾਲੀ ਦਲ ਬਾਦਲ ਅਤੇ ਨਾ ਹੀ ਕਾਂਗਰਸ ਦੀਆਂ ਸਰਕਾਰਾਂ ਨੇ ਇਨ੍ਹਾਂ ਤਸਕਰਾਂ ਵਿਰੁਧ ਕੋਈ ਕਾਰਵਾਈ ਕੀਤੀ, ਕਿਉਂਕਿ ਇਨ੍ਹਾਂ ਸਿਆਸੀ ਪਾਰਟੀਆਂ ਦੇ ਆਗੂ ਹੀ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਦੇ ਹਨ | ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਆਗੂਆਂ ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ 'ਤੇ ਦੋਸ਼ ਲਾਇਆ ਕਿ ਇਨ੍ਹਾਂ ਕਾਂਗਰਸੀਆਂ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਾ ਤਾਂ ਨਸ਼ਾ ਤਸਕਰਾਂ ਦਾ ਲੱਕ ਤੋੜਿਆ ਅਤੇ ਨਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਤੇ ਸਾਜ਼ਸ਼ਕਾਰਾਂ ਨੂੰ ਕੋਈ ਸਜ਼ਾ ਦਿਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਅਤੇ ਲੋਕਾਂ ਨੇ ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਦੇ ਗਠਜੋੜ ਨੂੰ ਤੋੜਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਹੀ ਇਕੋ-ਇਕ ਅਜਿਹੀ ਪਾਰਟੀ ਹੈ ਜਿਹੜੀ ਸੂਬੇ ਵਿਚੋਂ ਨਸ਼ਾ, ਰੇਤਾ, ਸ਼ਰਾਬ, ਟਰਾਂਸਪੋਰਟ, ਕੇਬਲ ਅਤੇ ਭੂ-ਮਾਫ਼ੀਆ ਨੂੰ ਖ਼ਤਮ ਕਰ ਸਕਦੀ ਹੈ |